ਬਿਕਰਮ ਮਜੀਠੀਆ ਦੀ ਸੁਰੱਖਿਆ ਦਾ ਮਾਮਲਾ : ਅਦਾਲਤ ਨੇ ਸੁਣਾਇਆ ਇਹ ਫੈਸਲਾ
ਚੰਡੀਗੜ੍ਹ, 13 ਅਪ੍ਰੈਲ(ਵਿਸ਼ਵ ਵਾਰਤਾ)- ਡਰੱਗ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ ਬਿਕਰਮ ਮਜੀਠੀਆ ਨੂੰ ਰਾਹਤ ਦਿੰਦਿਆਂ ਕੇਂਦਰੀ ਜੇਲ ਪਟਿਆਲਾ ‘ਚ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਜੀਠੀਆ ਨੂੰ ਜੇਲ੍ਹ ਵਿੱਚ ਸਾਫ਼ ਸੁਥਰਾ ਮਾਹੌਲ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।
ਗੌਰਤਲਬ ਹੈ ਕਿ ਮਜੀਠੀਆ ਨੇ ਹਾਲ ਹੀ ਵਿੱਚ ਇੱਕ ਅਰਜ਼ੀ ਦਿੱਤੀ ਸੀ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਮਜੀਠੀਆ ਨੇ ਜੇਲ ‘ਚ ਖੁਦ ਨੂੰ ਅਸੁਰੱਖਿਅਤ ਦੱਸਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਗਰਮਾ ਗਿਆ ਸੀ, ਹਾਲਾਂਕਿ ਜੇਲ ਪ੍ਰਸ਼ਾਸਨ ਨੇ ਮਜੀਠੀਆ ਦੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ। ਇਸ ਦੌਰਾਨ ਮਜੀਠੀਆ ਨੂੰ ਵਿਸ਼ੇਸ਼ ਬੈਰਕ ਵਿੱਚ ਤਬਦੀਲ ਕਰਨ ਦੀ ਮੰਗ ਵੀ ਕੀਤੀ ਸੀ, ਜਿਸ ’ਤੇ ਮੁਹਾਲੀ ਅਦਾਲਤ ਨੇ ਰਾਹਤ ਦਿੰਦਿਆਂ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਅਤੇ ਉਸ ਨੂੰ ਵਧੀਆ ਮਾਹੌਲ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।