ਬੁਢਾਪਾ ਪੈਨਸ਼ਨਾਂ ਤੇ ਹੋਰ ਵਿੱਤੀ ਸਕੀਮਾਂ ਦੇ ਲਾਭਪਾਤਰੀਆਂ ਲਈ 129 ਕਰੋੜ ਰੁਪਏ ਜਾਰੀ: ਰਜ਼ੀਆ ਸੁਲਤਾਨਾ

1040
Advertisement


ਚੰਡੀਗੜ, 7 ਮਾਰਚ (ਵਿਸ਼ਵ ਵਾਰਤਾ) : ਸਮਾਜਿਕ ਸੁਰੱਖਿਆ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਲਾਭ ਪਾਤਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੇ ਜਨਵਰੀ, 2018 ਲਈ ਪੈਨਸ਼ਨਾਂ ਦਾ ਭੁਗਤਾਨ ਕਰਨ ਲਈ ਕੁੱਲ 129 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਇਨਾਂ ਸਕੀਮਾਂ ਅਧੀਨ ਕੁੱਲ 17.28 ਲੱਖ ਲਾਭਪਾਤਰੀਆਂ ਨੂੰ ਰਾਹਤ ਮਿਲੇਗੀ। ਉਨਾਂ ਦੱਸਿਆ ਕਿ ਛੇਤੀ ਹੀ ਪੈਨਸ਼ਨ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ। ਸਬੰਧਤ ਲਾਭ ਪਾਤਰੀ ਬੈਂਕ ਵਿੱਚ ਜਾ ਕੇ ਪੈਨਸ਼ਨ ਕਢਵਾ ਸਕਦੇ ਹਨ। ਉਨਾਂ ਦੱਸਿਆ ਕਿ ਪੜਤਾਲਾਂ ਦੌਰਾਨ ਜੋ ਵਿਅਕਤੀ ਗ਼ੈਰ ਹਾਜ਼ਰ ਪਾਏ ਗਏ ਹਨ ਉਹ ਆਪਣੇ ਜ਼ਿਲਾ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਧਿਕਾਰੀ ਜਾਂ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੜਤਾਲਾਂ ਦਾ ਕੰਮ ਮੁਕੰਮਲ ਹੋਣ ਉਪਰੰਤ ਦਸੰਬਰ, 2017 ਤੋਂ ਪੈਨਸ਼ਨ ਦੀ ਅਦਾਇਗੀ ਲਾਭ ਪਾਤਰੀਆਂ ਦੇ ਖਾਤਿਆਂ ਵਿੱਚ ਨਿਰਵਿਘਨ ਜਾਰੀ ਕਰਨ ਲਈ ਠੋਸ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨਾਂ ਦੱਸਿਆ ਕਿ ਮੌਜੂਦਾ ਸਮੇਂ ਜਿਨਾਂ ਪ੍ਰਮੁੱਖ ਸਕੀਮਾਂ ਅਧੀਨ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵਿੱਤੀ ਸਹਾਇਤਾ ਅਤੇ ਪੈਨਸ਼ਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨਾਂ ਵਿੱਚ ਮੁੱਖ ਤੌਰ ‘ਤੇ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਤੇ ਨਿਆਸਰਿਤ ਔਰਤਾਂ ਨੂੰ ਵਿੱਤੀ ਸਹਾਇਤਾ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਅਤੇ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣਾ ਸ਼ਾਮਲ ਹਨ।

Advertisement

LEAVE A REPLY

Please enter your comment!
Please enter your name here