ਭਾਰਤ-ਕੈਨੇਡਾ ਤਣਾਅ ਦੇ ਚਲਦਿਆਂ ਭਾਰਤ ਸਰਕਾਰ ਦੀ ਵੱਡੀ ਕਾਰਵਾਈ
ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਬੰਦ
ਚੰਡੀਗੜ੍ਹ,21ਸਤੰਬਰ(ਵਿਸ਼ਵ ਵਾਰਤਾ)- ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਦੇ ਮਾਮਲੇ ‘ਚ ਭਾਰਤ ਅਤੇ ਕੈਨੇਡਾ ਵਿਚਾਲੇ ਪੈਦਾ ਹੋਏ ਤਣਾਅ ਦਰਮਿਆਨ ਭਾਰਤ ਨੇ ਇਕ ਹੋਰ ਵੱਡੀ ਕਾਰਵਾਈ ਕੀਤੀ ਹੈ। ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਹਨ। ਹਾਲਾਂਕਿ ਵੀਜ਼ਾ ਸੇਵਾਵਾਂ ਸਸਪੈਂਡ ਕਰਨ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਪਰ ਕੈਨੇਡਾ ਵਿੱਚ ਵੀਜ਼ਾ ਕੇਂਦਰ ਚਲਾਉਣ ਵਾਲੇ ਬੀਐਲਐਸ ਇੰਟਰਨੈਸ਼ਨਲ ਨੇ ਆਪਣੀ ਵੈੱਬਸਾਈਟ ’ਤੇ ਇਹ ਜਾਣਕਾਰੀ ਦਿੱਤੀ ਹੈ।
ਬੀਐੱਲਐੱਸ ਇੰਟਰਨੈਸ਼ਨਲ ਨੇ ਆਪਣੀ ਵੈੱਬਸਾਈਟ ‘ਤੇ ਜਾਰੀ ਨੋਟਿਸ ‘ਚ ਲਿਖਿਆ ਹੈ ਕਿ ‘ਭਾਰਤੀ ਮਿਸ਼ਨ ਵੱਲੋਂ ਮਹੱਤਵਪੂਰਨ ਸੂਚਨਾ : ਆਪਰੇਸ਼ਨਲ ਕਾਰਨਾਂ ਕਰਕੇ ਭਾਰਤ ਦੀਆਂ ਵੀਜ਼ਾ ਸੇਵਾਵਾਂ 21 ਸਤੰਬਰ ਤੋਂ ਅਗਲੇ ਨੋਟਿਸ ਤੱਕ ਬੰਦ ਰਹਿਣਗੀਆਂ।’