ਭਾਰਤ-ਬੰਦ ਦੇ ਸੱਦੇ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ
ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 250 ਤੋਂ ਵੱਧ ਥਾਵਾਂ ‘ਤੇ ਰੋਸ-ਪ੍ਰਦਰਸ਼ਨ
ਪੰਜਾਬ ਭਰ ‘ਚ ਔਰਤਾਂ ਅਤੇ ਨੌਜਵਾਨਾਂ ਦੀ ਵੱਡੀ ਗਿਣਤੀ ‘ਚ ਸ਼ਮੂਲੀਅਤ ਨੇ ਸੰਘਰਸ਼ ਨੂੰ ਬਲ ਬਖ਼ਸ਼ਿਆ
ਗੁਜਰਾਤ ਪੁਲਿਸ ਵੱਲੋਂ ਕਿਸਾਨ-ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਚੰਡੀਗੜ੍ਹ 26 ਮਾਰਚ ( ਵਿਸ਼ਵ ਵਾਰਤਾ ) ਕੇਂਦਰ ਸਰਕਾਰ ਦੇ ਤਿੰਨ ਖੇਤੀ-ਕਾਨੂੰਨਾਂ ਅਤੇ ਬਿਜ਼ਲੀ ਸੋਧ ਬਿਲ-2020 ਖਿਲਾਫ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਬੰਦ ਦੇ ਸੱਦੇ ਨੂੰ ਪੰਜਾਬ ਭਰ ‘ਚ ਵੱਡਾ ਹੁੰਗਾਰਾ ਮਿਲਿਆ। 32 ਕਿਸਾਨ ਜਥੇਬੰਦੀਆਂ ਵੱਲੋਂ 250 ਤੋਂ ਵੱਧ ਥਾਵਾਂ ‘ਤੇ ਧਰਨੇ ਲਾਉਂਦਿਆਂ ਕੇਂਦਰ ਸਰਕਾਰ ਦੇ 3 ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ-ਐਕਟ 2020 ਰੱਦ ਕਰਵਾਉਣ ਲਈ ਜ਼ਬਰਦਸਤ ਰੋਸ-ਪ੍ਰਦਰਸ਼ਨ ਕੀਤੇ ਗਏ। ਸੂਬੇ-ਭਰ ਦੇ ਨੈਸ਼ਨਲ ਹਾਈਵੇ, ਸਟੇਟ ਹਾਈਵੇ ਸਮੇਤ ਅਹਿਮ-ਸੜਕੀ ਮਾਰਗ ਬਿਲਕੁਲ ਬੰਦ ਸਨ। ਸੂਬੇ ਨਾਲ ਲਗਦੇ ਸਾਰੇ ਗੁਆਂਢੀ ਰਾਜਾਂ ਤੋਂ ਆਵਜਾਈ ਬੰਦ ਕੀਤੀ ਗਈ। ਬੰਦ ਬਜ਼ਾਰਾਂ ‘ਚ ਸੰਨਾਟਾ ਪਸਰਿਆ ਰਿਹਾ।
ਸੂਬੇ ਭਰ ‘ਚ ਕਿਸਾਨ ਜਥੇਬੰਦੀਆਂ ਦੇ ਧਰਨਿਆਂ ਦੌਰਾਨ ਟਰਾਂਸਪੋਰਟਰਾਂ, ਮੁਲਾਜ਼ਮਾਂ, ਆੜ੍ਹਤੀਆਂ, ਦੁਕਾਨਦਾਰਾਂ, ਵਿਦਿਆਰਥੀਆਂ, ਨੌਜਵਾਨਾਂ, ਸਾਹਿਤਕਾਰਾਂ, ਰੰਗਕਰਮੀਆਂ ਅਤੇ ਵਪਾਰੀਆਂ ਵੱਲੋਂ ਸਹਿਯੋਗ ਕਰਦਿਆਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਸ਼ਾਂਤਮਈ ਅਤੇ ਅਨੁਸ਼ਾਸਨ ਨਾਲ ਸੂਬੇ ਭਰ ‘ਚ ਬੰਦ ਦੇ ਸੱਦੇ ਨੂੰ ਸਫਲ ਕੀਤਾ ਗਿਆ, ਜਿਸਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਸਖਤ ਲਹਿਜੇ ਵਿੱਚ ਚਿਤਾਵਨੀ ਦਿੱਤੀ ਕਿ ਖੇਤੀ ਕਾਨੂੰਨਾਂ ਨੂੰ ਦੀ ਵਾਪਸੀ ਤੱਕ ਸੰਘਰਸ਼ ਹੋਰ ਤੇਜ਼ ਅਤੇ ਵਿਸ਼ਾਲ ਹੋਵੇਗਾ।
ਕਿਸਾਨ ਆਗੂਆਂ ਨੇ ਲੋਕਾਂ ਨੂੰ ਇਸ ਬੰਦ ’ਚ ਸਾਥ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬੰਦ ਕਿਸੇ ਨਿੱਜੀ ਮੁਫਾਦ ਲਈ ਨਹੀਂ, ਸਗੋਂ ਉਸ ਵਰਗ ਲਈ ਹੈ ਜੋ ਸਮੁੱਚੇ ਦੇਸ਼ ਨੂੰ ਅੰਨ ਮੁਹੱਈਆ ਕਰਵਾਉਂਦਾ ਹੈ ਇਸ ਕਰਕੇ ਜੋ ਵੀ ਵਿਅਕਤੀ ਅੰਨ ਖਾਂਦਾ ਹੈ ਉਸ ਨੂੰ ਇਸ ਬੰਦ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪੁੱਜ ਸਕੇ। ਜੋ ਆਵਾਜ਼ਾਈ ਅੱਜ ਸਵੇਰ ਬੰਦ ਤੋਂ ਪਹਿਲਾਂ ਚੱਲ ਰਹੀ ਸੀ ਉਸ ਨੂੰ ਉੱਥੇ ਹੀ ਰੋਕ ਦਿੱਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਉਦੋਂ ਤੱਕ ਸੰਘਰਸ਼ ਲਈ ਡਟੀਆਂ ਰਹਿਣਗੀਆਂ, ਜਦੋਂ ਤੱਕ 3 ਖੇਤੀ ਕਾਨੂੰਨ, ਬਿਜਲੀ ਆਰਡੀਨੈਂਸ ਅਤੇ ਪਰਾਲੀ ਆਰਡੀਨੈਂਸ ਰੱਦ ਕਰਕੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਬੰਧੀ ਕਾਨੂੰਨ ਨਹੀਂ ਬਣਦਾ।
ਜ਼ਿਕਰਯੋਗ ਹੈ ਕਿ 32 ਕਿਸਾਨ-ਜਥੇਬੰਦੀਆਂ ਵੱਲੋਂ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅਤੇ ਅੰਬਾਨੀ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਸਮੇਤ 68 ਥਾਵਾਂ ‘ਤੇ ਧਰਨੇ ਦਿਨ-ਰਾਤ ਜਾਰੀ ਹਨ।
ਗੁਜਰਾਤ ‘ਚ ਪ੍ਰੈੱਸ-ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੁੱਧਵੀਰ ਸਿੰਘ ਅਤੇ ਜੀਕੇ ਪਟੇਲ ਅਤੇ ਹੋਰਨਾਂ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀ ਪੰਜਾਬ ਦੇ ਕਿਸਾਨ-ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਗ੍ਰਿਫਤਾਰੀਆਂ, ਜੇਲ੍ਹਾਂ ਜਾਂ ਜ਼ਬਰ ਰਾਹੀਂ ਕਿਸਾਨ-ਅੰਦੋਲਨ ਨੂੰ ਜਿੱਤ ਦੇ ਰਾਹ ਵੱਲ ਵਧਣ ਤੋਂ ਨਹੀਂ ਰੋਕਿਆ ਜਾ ਸਕੇਗਾ।