ਮੁੱਖ ਮੰਤਰੀ ਤੀਰਥ ਯਾਤਰਾ ਦੀ ਪਹਿਲੀ ਬੱਸ ਸ੍ਰੀ ਅੰਮ੍ਰਿਤਸਰ- ਸ੍ਰੀ ਅਨੰਦਪੁਰ ਸਾਹਿਬ ਲਈ ਅਮਰਗੜ੍ਹ ਤੋ ਰਵਾਨਾ
ਅਮਰਗੜ੍ਹ, 11 ਦਸੰਬਰ (ਵਿਸ਼ਵ ਵਾਰਤਾ)- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੀ ਸਬ ਡਵੀਜਨ ਅਮਰਗੜ੍ਹ ਤੋਂ ਪਲੇਠੀ ਏ.ਸੀ ਬੱਸ ਸ੍ਰੀ ਅੰਮ੍ਰਿਤਸਰ- ਸ੍ਰੀ ਅਨੰਦਪੁਰ ਸਾਹਿਬ ਲਈ 45 ਸਰਧਾਲੂਆਂ ਨੂੰ ਲੈਕੇ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਈ । ਸਰਧਾਲੂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਕੱਲ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਬੱਸ ਰਵਾਨਾ ਹੋਵੇਗੀ ਅਤੇ ਦਰਸ਼ਨਾਂ ਤੋਂ ਬਾਅਦ ਅਮਰਗੜ੍ਹ ਵਾਪਸ ਪਰਤੇਗੀ।
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੇ ਨੋਡਲ ਅਫ਼ਸਰ ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਸ੍ਰੀ ਅਪਰ ਅਪਾਰ ਸਿੰਘ ਚਾਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ, ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ’ਤੇ ਜਾਣ ਲਈ ਦੋ ਤਰਾਂ ਦੇ ਸਾਧਨ ਹੋਣਗੇ, ਜਿਸ ਵਿੱਚ ਲੰਬੀ ਦੂਰੀ ਦੇ ਧਾਰਮਿਕ ਅਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਬੱਸਾਂ ਹੋਣਗੀਅਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾਂ ਲਈ ਰੋਜ਼ਾਨਾ ਬੱਸਾਂ ਤੇ ਰੇਲ ਗੱਡੀਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ ।ਇਸ ਕੜੀ ਤਹਿਤ 15 ਦਸੰਬਰ ਨੂੰ ਸ੍ਰੀ ਅਜਮੇਰ ਸ਼ਰੀਫ (ਰਾਜਸਥਾਨ) ਲਈ ਮਾਲੇਰਕੋਟਲਾ ਤੋਂ ਟਰੇਨ ਰਵਾਨਾ ਕੀਤੀ ਜਾਵੇਗੀ ।
ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਤਹਿਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ,ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ । ਇਸ ਮੌਕੇ ਸ੍ਰੀ ਅੱਛਰਾ ਸਿੰਘ ਸਿੰਘ,ਆਮ ਆਦਮੀ ਪਾਰਟੀ ਅਮਰਗੜ੍ਹ ਦੇ ਆਗੂ ਸ੍ਰੀ ਰਾਜੀਵ,ਗੁਰਜੰਟ ਸਿੰਘ,ਹਰਜਿੰਦਰ ਸਿੰਘ,ਰੋਹਿਤ ਕੁਮਾਰ,ਯਾਦਵਿੰਦਰ ਸਿੰਘ,ਚੰਦਨ ਵਰਮਾ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ ।