ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸ਼੍ਰੀਲੰਕਾ ਨੂੰ ਸ਼ਾਨਦਾਰ ਮੈਚ ਵਿੱਚ ਹਰਾ ਕੇ ਏਸ਼ੀਆ ਕੱਪ ਕ੍ਰਿਕਟ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ।
ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਅੱਠ ਵਾਰ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਦੇਸ਼ ਦਾ ਮਾਣ ਵਧਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਮੁਹੰਮਦ ਸਿਰਾਜ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਮੈਚ ਨੂੰ ਇਕ ਪਾਸੜ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕੱਪ ਨੂੰ ਜਿੱਤਣ ਵਾਲੀ ਪੂਰੀ ਕ੍ਰਿਕਟ ਟੀਮ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦੀ ਹੱਕਦਾਰ ਹੈ। ਭਗਵੰਤ ਸਿੰਘ ਮਾਨ ਨੇ ਆਉਣ ਵਾਲੇ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਟੀਮ ਦੇਸ਼ ਦਾ ਮਾਣ ਹੈ।