ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ 50 ਹਜ਼ਾਰ ਕਰੋੜ ਦਾ ਦਿੱਤਾ ਹਿਸਾਬ
ਤੁਸੀਂ ਵੀ ਪੜ੍ਹੋ ਕੀ ਲਿਖਿਆ ਪੱਤਰ ‘ਚ
ਚੰਡੀਗੜ੍ਹ,3ਅਕਤੂਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਹਨਾਂ ਵੱਲੋਂ ਮੰਗੇ ਗਏ ਹਿਸਾਬ ਦਾ ਜਵਾਬ ਭੇਜ ਦਿੱਤਾ ਹੈ। ਇਸ ਵਿੱਚ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਪਟਿਆਲਾ ਵਿੱਚ ਕਿਹਾ ਸੀ ਕਿ ਉਹ ਰਾਜਪਾਲ ਨੂੰ ਪੱਤਰ ਲਿਖ ਕੇ ਕਰਜ਼ੇ ਦਾ ਪੂਰਾ ਹਿਸਾਬ ਦੇਣਗੇ। ਮੁੱਖ ਮੰਤਰੀ ਮਾਨ ਨੇ ਰਾਜਪਾਲ ਨੂੰ ਆਰਡੀਐਫ ਦੇ ਬਕਾਏ ਲਈ ਕੇਂਦਰ ਕੋਲ ਪੈਰਵੀ ਕਰਨ ਲਈ ਕਿਹਾ ਸੀ। ਜਿਸ ਦੇ ਜਵਾਬ ਵਿੱਚ ਰਾਜਪਾਲ ਨੇ ਸਭ ਤੋਂ ਪਹਿਲਾਂ ਕਰਜ਼ੇ ਦਾ ਹਿਸਾਬ ਮੰਗਿਆ ਸੀ।
ਹੁਣ ਪੱਤਰ ਵਿੱਚ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ 50 ਹਜ਼ਾਰ ਕਰੋੜ ਨਹੀਂ ਸਗੋਂ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਕਰਜ਼ਿਆਂ ਦਾ 27 ਹਜ਼ਾਰ ਕਰੋੜ ਰੁਪਏ ਦਾ ਵਿਆਜ ਅਦਾ ਕੀਤਾ ਜਾ ਚੁੱਕਾ ਹੈ।
ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸੂਬੇ ਦੇ ਵਿਕਾਸ ਲਈ ਨਵਾਂ ਕਰਜ਼ਾ ਲਿਆ ਗਿਆ ਹੈ।ਇਸ ਤੋਂ ਇਲਾਵਾ ਇਸ ਵਿੱਚ ਬਿਜਲੀ ਸਬਸਿਡੀ ਅਤੇ ਸਰਕਾਰੀ ਸਕੀਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ ਜੀਐਸਟੀ ਆਦਿ ਦੇ ਬਕਾਏ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਇਸ ਦਾ ਮਹੀਨਾਵਾਰ ਵਿਆਜ ਅਤੇ ਕਿਸ਼ਤ ਵੀ ਦੱਸੀ ਗਈ ਹੈ।