ਬਾਜਵਾ, ਜਾਖੜ ਤੇ ਠੁਕਰਾਲ ਨੇ ਰੋਸ ਪ੍ਰਗਟਾਉਂਦੇ ਟਿ੍ਰਬਿਊਨ ਮੁਲਾਜ਼ਮਾਂ ਨੂੰ ਮਿਲ ਕੇ ਸਮਰਥਨ ਦਿੱਤਾ
ਚੰਡੀਗੜ, 9 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਧਾਰ ਡਾਟੇ ’ਚ ਸੰਨ ਲਾਉਣ ਨੂੰ ਨਸ਼ਰ ਕਰਨ ਦੇ ਮਾਮਲੇ ’ਚ ‘ਦਿ ਟਿ੍ਰਬਿਊਨ’ ਦੀ ਪੱਤਰਕਾਰ ਖਿਲਾਫ ਐਫ.ਆਈ.ਆਰ. ਦਰਜ ਕਰਨ ਵਿਰੁੱਧ ਪੱਤਰਕਾਰ ਭਾਈਚਾਰੇ ਦੇ ਰੋਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ।
ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅੱਜ ਐਫ.ਆਈ.ਆਰ. ਰੱਦ ਕਰਨ ਦੀ ਮੰਗ ਨੂੰ ਲੈ ਕੇ ਟਿ੍ਰਬਿਊਨ ਮੁਲਾਜ਼ਮਾਂ ਵੱਲੋਂ ਕੀਤੇ ਰੋਸ ਮੁਜ਼ਾਹਰੇ ਵਿੱਚ ਪਹੁੰਚ ਕੇ ਹਮਾਇਤ ਦਿੱਤੀ।
ਸੁਨੀਲ ਜਾਖੜ ਨੇ ਕੇਂਦਰ ਦੇ ਮੌਜੂਦਾ ਹਾਕਮਾਂ ਵੱਲੋਂ ਮੀਡੀਆ ’ਤੇ ਕੀਤੇ ਹਮਲੇ ਦੀ ਸਖਤ ਨਿੰਦਾ ਕਰਦਿਆਂ ਪੱਤਰਕਾਰ ਗੌਰੀ ਲੰਕੇਸ਼ ਅਤੇ ਅਜਿਹੀਆਂ ਹੋਰ ਘਟਨਾਵਾਂ ਰਾਹੀਂ ਮੀਡੀਆ ’ਤੇ ਕੀਤੇ ਹਮਲੇ ਦਾ ਵੀ ਜ਼ਿਕਰ ਕੀਤਾ।
ਸ੍ਰੀ ਜਾਖੜ ਨੇ ਕਿਹਾ ਕਿ ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ ਤਾਂ ਉਸ ਨੇ ਆਧਾਰ ਦੀ ਮੁਖਾਲਫ਼ਤ ਕੀਤੀ ਸੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਧਾਰ ਪ੍ਰਣਾਲੀ ਵਿਚਲੀਆਂ ਖਾਮੀਆਂ ਨੂੰ ਦਰੁਸਤ ਕਰਨਾ ਚਾਹੀਦਾ ਹੈ ਅਤੇ ਨਿੱਜਤਾ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਆਧਾਰ ਡਾਟੇ ’ਚ ਸੰਨ ਨਾਲ ਜੁੜੇ ਸਮੁੱਚੇ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਮੀਡੀਆ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਇਕ ਚੁਣੀ ਹੋਈ ਜਮਹੂਰੀ ਸਰਕਾਰ ਨੂੰ ਅਜਿਹਾ ਕਰਨਾ ਸ਼ੋਭਾ ਨਹੀਂ ਦਿੰਦਾ।
ਸ੍ਰੀ ਬਾਜਵਾ ਅਤੇ ਸ੍ਰੀ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਯੂ.ਆਈ.ਏ.ਡੀ.ਆਈ. ਰਾਹੀਂ ਪੱਤਰਕਾਰ ਖਿਲਾਫ ਐਫ.ਆਈ.ਆਰ. ਦਰਜ ਕਰਵਾਉਣ ਦੀ ਕੀਤੀ ਗਈ ਘਿਨਾਉਣੀ ਕਾਰਵਾਈ ਦੀ ਸਖਤ ਆਲੋਚਨਾ ਕਰਦਿਆਂ ਆਖਿਆ ਕਿ ਪੱਤਰਕਾਰ ਨੇ ਤਾਂ ਸਿਰਫ ਆਪਣੀ ਜ਼ਿੰਮੇਵਾਰੀ ਦਾ ਫਰਜ਼ ਨਿਭਾਇਆ ਹੈ।
ਉਨਾਂ ਕਿਹਾ ਕਿ ਬਿਨਾਂ ਕਿਸੇ ਗਲਤੀ ਜਾਂ ਦੋਸ਼ ਦੇ ਇਕ ਪੱਤਰਕਾਰ ਖਿਲਾਫ ਕਾਰਵਾਈ ਕਿਵੇਂ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜਮਹੂਰੀ ਸੰਸਥਾਵਾਂ ਦੀ ਆਵਾਜ਼ ਨੂੰ ਕੁਚਲ ਦੇਣਾ ਮੁਲਕ ਦੇ ਹਿੱਤ ਵਿੱਚ ਨਹੀਂ ਹੈ।
ਉਨਾਂ ਕਿਹਾ ਕਿ ਲੋਕ ਪੱਖੀ ਧਿਰਾਂ ਨੂੂੰੰ ਕੇਂਦਰ ਸਰਕਾਰ ਦੇ ਜਮਹੂਰੀ ਢਾਂਚੇ ਨੂੰ ਢਾਹ ਲਾਉਣ ਵਾਲੇ ਕਦਮਾਂ ਵਿਰੁੱਧ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਮੁਲਕ ਨੂੰ ਇਕ ਲੜੀ ਵਿੱਚ ਪਰੋ ਕੇ ਰੱਖਣ ਵਾਲੀਆਂ ਤੰਦਾਂ ਤਿੜਕ ਜਾਣਗੀਆਂ।
ਸ੍ਰੀ ਠੁਕਰਾਲ ਨੇ ਰੋਸ ਪ੍ਰਦਰਸ਼ਨ ਦੌਰਾਨ ਮੁਜ਼ਾਹਰਾ ਕਰ ਰਹੇ ਟਿ੍ਰਬਿਊਨ ਮੁਲਾਜ਼ਮਾਂ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਨਿੱਜੀ ਸਮਰਥਨ ਦਾ ਸੰਦੇਸ਼ ਪਹੁੰਚਾਇਆ। ਸ੍ਰੀ ਠੁਕਰਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਨਾਸਾਜ਼ ਹੋਣ ਕਰਕੇ ਭਾਵੇਂ ਉਹ ਨਿੱਜੀ ਤੌਰ ’ਤੇ ਇੱਥੇ ਆ ਕੇ ਉਨਾਂ ਨੂੰ ਨਹੀਂ ਮਿਲ ਸਕੇ ਪਰ ਮੁੱਖ ਮੰਤਰੀ ਨੇ ਪ੍ਰੈਸ ਦੀ ਆਜ਼ਾਦੀ ਬਰਕਰਾਰ ਰੱਖਣ ਲਈ ਮੀਡੀਆ ਨੂੰ ਸਰਕਾਰ ਵੱਲੋਂ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ।
ਸ੍ਰੀ ਠੁਕਰਾਲ ਨੇ ਕਿਹਾ ਕਿ ਮੁੱਖ ਮੰਤਰੀ ਇਸ ਗੱਲ ਦੇ ਹੱਕ ਵਿੱਚ ਹਨ ਕਿ ਆਧਾਰ ਡਾਟਾ ’ਚ ਸੰਨ ਲਾਉਣ ਦੀਆਂ ਚੋਰ-ਮੋਰੀਆਂ ਦਾ ਪਰਦਾਫਾਸ਼ ਕਰਨ ਵਾਲਿਆਂ ’ਤੇ ਕਾਰਵਾਈ ਕਰਨ ਦੇ ਬਜਾਏ ਕੇਂਦਰ ਸਰਕਾਰ ਵੱਲੋਂ ਇਹ ਖਾਮੀਆਂ ਮਿਟਾਉਣ ਲਈ ਠੋਸ ਕਦਮ ਚੁੱਕੇ ਜਾਣ। ਉਨਾਂ ਕਿਹਾ ਕਿ ਪੰਜਾਬ ਵਿਚਲੀ ਕਾਂਗਰਸ ਸਰਕਾਰ ਜਮਹੂਰੀਅਤ ਦੇ ਚੌਥੇ ਥੰਮ ਦੀ ਰਾਖੀ ਲਈ ਪੂਰੀ ਵਾਹ ਲਾਵੇਗੀ।
ਸ੍ਰੀ ਠੁਕਰਾਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਵੱਲੋਂ ਕੀਤੀ ਕਾਰਵਾਈ ’ਤੇ ਉਨਾਂ ਨੂੰ ਖੁਦ ਹੈਰਾਨੀ ਹੋਈ ਹੈ। ਉਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਪੱਤਰਕਾਰ ਖਿਲਾਫ਼ ਦਰਜ ਐਫ.ਆਈ.ਆਰ. ਵਾਪਸ ਲੈ ਕੇ ‘ਦਿ ਟਿ੍ਰਬਿਊਨ’ ਵੱਲੋਂ ਆਧਾਰ ਡਾਟੇ ’ਚ ਸੰਨ ਲਾਉਣ ਬਾਰੇ ਨਸ਼ਰ ਕੀਤੀ ਰਿਪੋਰਟ ਦੀ ਤਹਿ ਤੱਕ ਜਾਂਚ ਕਰਵਾਈ ਜਾਵੇ।