ਮੁੱਖ ਮੰਤਰੀ ਵੱਲੋਂ ਨਿਆਂਪਾਲਿਕਾ ’ਤੇ ਬੋਝ ਘਟਾਉਣ ਲਈ ਕਾਰਜਪਾਲਿਕਾ ਨੂੰ ਆਪਣਾ ਕੰਮਕਾਜ ਸੁਧਾਰਨ ਦੀ ਨਸੀਹਤ

489
Advertisement


ਚੰਡੀਗਡ਼, 18 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਕਾਰਜਕਾਰੀ ਵਿੰਗ ਨੂੰ ਆਪਣੀ ਕਮਰ ਕੱਸਣ ਅਤੇ ਆਪਣੇ ਕੰਮ ਕਾਜ ਵਿੱਚ ਸੁਧਾਰ ਲਿਆਉਣ ਦਾ ਸੱਦਾ ਦਿੱਤਾ ਹੈ ਤਾਂ ਜੋ ਨਿਆਂਪਾਲਿਕਾ ’ਤੇ ਬੋਝ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।
ਪੰਜਾਬ ਅਤੇ ਹਰਿਆਣਾ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਅਨਮੋਲ ਰਤਨ ਸਿੱਧੂ ਦੀ ਪ੍ਰਧਾਨਗੀ ਵਿੱਚ ਐਸੋਸ਼ੀਏਸ਼ਨ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਛੋਟੇ-ਛੋਟੇ ਮੁੱਦਿਆਂ ’ਤੇ ਲੋਕਾਂ ਨੂੰ ਨਿਆਂ ਲਈ ਨਿਆਂਪਾਲਿਕਾ ਤੱਕ ਨਹੀਂ ਭੱਜਾਉਣਾ ਚਾਹੀਦਾ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਐਸ.ਜੇ. ਵਜ਼ੀਫਦਾਰ ਅਤੇ ਹੋਰ ਸੀਨੀਅਰ ਜੱਜ ਵੀ ਮੌਜੂਦ ਸਨ।
ਲੋਕਾਂ ਦੀ ਭਲਾਈ ਲਈ ਨਿਆਂਪਾਲਿਕਾ ਵੱਲੋਂ ਕੀਤੇ ਗਏ ਕਾਰਜਾਂ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਰਜਪਾਲਿਕਾ ਬਹੁਤ ਘੱਟ ਫੈਸਲੇ ਲੈਂਦੀ ਹੈ ਅਤੇ ਸਾਰੇ ਅਹਿਮ ਮੁੱਦੇ ਨਿਆਂਪਾਲਿਕਾ ’ਤੇ ਛੱਡ ਦਿੰਦੀ ਹੈ ਜਿਸ ਕਰਕੇ ਨਿਆਂਪਾਲਿਕਾ ’ਤੇ ਹੱਦੋਂ ਵਧ ਬੋਝ ਪੈਂਦਾ ਹੈ।
ਬਾਰ ਕੌਂਸਲ ਵਿਖੇ ਲਾਇਬ੍ਰੇਰੀ ਅਤੇ ਹੋਰ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਬਾਰ ਕੌਂਸਲ ਵੱਲੋਂ ਕੀਤੀ ਗਈ ਵਿੱਤੀ ਸਹਾਇਤਾ ਦੀ ਮੰਗ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ 50 ਲੱਖ ਰੁਪਏ ਦਾ ਯੋਗਦਾਨ ਦੇਣ ਦਾ ਐਲਾਨ ਕੀਤਾ ਅਤੇ ਉਨਾਂ ਨੇ ਸੂਬੇ ਦੇ ਵਿੱਤੀ ਸੰਕਟ ਕਾਰਨ ਇਸ ਨੂੰ ਵਧਾਉਣ ਵਿੱਚ ਅਸਮਰਥਾ ਪ੍ਰਗਟ ਕੀਤੀ।  ਉਨਾਂ ਕਿਹਾ ਕਿ ਵਕੀਲਾਂ ਨੂੰ ਵਧੀਆ ਲਾਇਬ੍ਰੇਰੀਆਂ ਅਤੇ ਹੋਰ ਚੀਜ਼ਾਂ ਦੀ ਜ਼ਰੂਰਤ ਹੈ ਅਤੇ ਉਨਾਂ ਨੇ ਸੂਬੇ ਦੀ ਆਰਥਕ ਸਥਿਤੀ ਸੁਧਰਣ ਦੀ ਸੂਰਤ ਵਿੱਚ ਹੋਰ ਜ਼ਿਆਦਾ ਯੋਗਦਾਨ ਦੇਣ ਦਾ ਵਾਅਦਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ’ਤੇ 2.08 ਲੱਖ ਕਰੋਡ਼ ਦਾ ਕਰਜ਼ਾ ਅਤੇ ਹੋਰ ਵੱਡੇ ਵਿੱਤੀ ਘਾਟੇ ਹਨ ਜੋ ਉਸ ਨੂੰ ਵਿਰਾਸਤ ਵਿੱਚ ਮਿਲੇ ਹਨ। ਉਨਾਂ ਕਿਹਾ ਕਿ ਇਹ ਬਹੁਤ ਵੱਡੀ ਸਮੱਸਿਆ ਹੈ ਪਰ ਉਨਾਂ ਨੇ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਸੂਬੇ ਵਿੱਚ ਬੇਰੋਜ਼ਗਾਰੀ, ਖੇਤੀ ਸੰਕਟ ਅਤੇ ਆਰਥਕ ਪੁਨਰ-ਸੁਰਜੀਤੀ ਨੂੰ ਆਪਣੀ ਸਰਕਾਰ ਲਈ ਵੱਡੀ ਚੁਣੌਤੀ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਥਿਤੀ ਬਹੁਤ ਚੁਣੌਤੀਪੂਰਨ ਹੈ ਅਤੇ ਇਸ ਨਾਲ ਪ੍ਰਭਾਵੀ ਤਰੀਕੇ ਨਾਲ ਨਿਪਟਣ ਲਈ ਤਾਲਮੇਲ ਰਾਹੀਂ ਕੋਸ਼ਿਸ਼ਾਂ ਕੀਤੇ ਜਾਣ ਦੀ ਜ਼ਰੂਰਤ ਹੈ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਹਮੇਸ਼ਾ ਹੀ ਪ੍ਰਧਾਨ ਮੰਤਰੀ ਵਜੋਂ ਪੰਜਾਬ ਵਿੱਚ ਅਕਾਲੀਆਂ ਸਣੇ ਸਾਰੇ ਸੂਬਿਆਂ ਨੂੰ ਮਦਦ ਦੇਣਾ ਆਪਣੀ ਡਿਊਟੀ ਸਮਝਣਾ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕੀਤਾ। ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀਆਂ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨਾਲ ਵੀ ਉਸੇ ਤਰਾਂ ਦਾ ਹੀ ਵਤੀਰਾ ਅਪਣਾਉਣ ’ਤੇ ਤਸੱਲੀ ਪ੍ਰਗਟ ਕੀਤੀ।
ਇਸ ਤੋਂ ਪਹਿਲਾਂ ਚੀਫ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਕੈਰੀਅਰ, ਫੌਜੀ ਇਤਿਹਾਸ ਬਾਰੇ ਕਿਤਾਬਾਂ ਅਤੇ ਹੋਰ ਲਿਖਤਾਂ ਸਬੰਧੀ ਕੀਤੇ ਗਏ ਕਾਰਜਾਂ ਦੀ ਸਰਹਾਨਾ ਕੀਤੀ।
ਮੁੱਖ ਮੰਤਰੀ ਨੇ ਚੀਫ ਜਸਟਿਸ ਦੀ ਹਾਜ਼ਰੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਲਾਇਬ੍ਰੇਰੀ ਦੇ ਨਵੇਂ ਡਿਜੀਟਲ  ਸੈਕਸ਼ਨ ਦਾ ਉਦਘਾਟਣ ਕੀਤਾ।
ਇਸ ਮੌਕੇ ਸੀਨੀਅਰ ਜੱਜਾਂ ਅਤੇ ਵਕੀਲਾਂ ਤੋਂ ਇਲਾਵਾ ਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ, ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਲਾਹਕਾਰ ਬੀ.ਆਈ.ਐਸ. ਚਾਹਲ ਅਤੇ ਸਿਆਸੀ ਸਕੱਤਰ ਕਰਨ ਸੇਖੋਂ ਹਾਜ਼ਰ ਸਨ।

Advertisement

LEAVE A REPLY

Please enter your comment!
Please enter your name here