ਮੁੱਖ ਮੰਤਰੀ ਵੱਲੋਂ ਸੁਪਰੀਮ ਕੋਰਟ ਦੇ ਸਾਬਕਾ ਜੱਜ ਐਸ.ਐਸ. ਨਿੱਜਰ ਦੀ ਮੌਤ ‘ਤੇ ਦੁੱਖ ਪ੍ਰਗਟ
ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਸੁਰਿੰਦਰ ਸਿੰਘ ਨਿੱਜਰ (71) ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਅੱਜ ਸਵੇਰੇ ਪੀ.ਜੀ.ਆਈ. ਵਿਖੇ ਦਿਲ ਦਾ ਦੌਰਾ ਪੈਣ ਕਾਰਨ ਚੱਲ ਵਸੇ।
ਜ਼ਿਕਰਯੋਗ ਹੈ ਕਿ ਜਸਟਿਸ ਨਿੱਜਰ ਕਲਕੱਤਾ ਹਾਈ ਕੋਰਟ ਦੇ ਚੀਫ਼ ਜਸਟਿਸ ਰਹੇ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਨਿੱਜਰ ਨੂੰ ਇਕ ਉੱਘੇ ਕਾਨੂੰਨਦਾਨ ਅਤੇ ਯੋਗ ਪ੍ਰਸ਼ਾਸਕ ਤੋਂ ਇਲਾਵਾ ਇਕ ਵਧੀਆ ਇਨਸਾਨ ਵੀ ਦੱਸਿਆ ਜੋ ਕਿ ਵੱਖ-ਵੱਖ ਤਰ੍ਹਾਂ ਦੀਆਂ ਖੂਬੀਆਂ ਨਾਲ ਭਰਪੂਰ ਸਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਸਟਿਸ ਨਿੱਜਰ ਦੀ ਮੌਤ ਨਾਲ ਕਾਨੂੰਨ ਦੇ ਖੇਤਰ ਵਿੱਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਨੇੜ ਭਵਿੱਖ ਵਿੱਚ ਭਰਿਆ ਜਾਣਾ ਮੁਸ਼ਕਿਲ ਹੈ।
ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਇਹ ਨਾ-ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਲਈ ਬਲ ਬਖ਼ਸ਼ਣ ਵਾਸਤੇ ਅਰਦਾਸ ਕੀਤੀ।