21 ਜੁਲਾਈ ਤੱਕ ਹੜ੍ਹਾਂ ਦੀ ਰੋਕਥਾਮ ਦੇ ਸਾਰੇ ਅਗਾਊ ਪ੍ਰਬੰਧ ਮੁਕੰਮਲ ਕੀਤੇ ਜਾਣ – ਸੰਸਦ ਮਨੀਸ਼ ਤਿਵਾੜੀ
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮਾਂ ਰਹਿੰਦੇ ਪ੍ਰਬੰਧ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼
ਨਵਾਂਸ਼ਹਿਰ, 6 ਜੁਲਾਈ (ਵਿਸ਼ਵ ਵਾਰਤਾ)-
ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ਼੍ਰੀ ਮਨੀਸ਼ ਤਿਵਾੜੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸੰਭਾਵੀਂ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗਾਊ ਪ੍ਰਬੰਧਾਂ ਬਾਰੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ 21 ਜੁਲਾਈ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਭਰੋਸਾ ਦਿੱਤਾ ਕਿ ਅਧਿਕਾਰੀਆਂ ਨੂੰ ਬਰਸਾਤਾਂ ਤੋਂ ਪਹਿਲਾਂ ਸੰਭਾਵੀਂ ਹੜ੍ਹਾਂ ਦੀ ਰੋਕਥਾਮ ਲਈ ਅਗਾਊ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਇਨ੍ਹਾਂ ਪ੍ਰਬੰਧਾਂ ਤੇ ਲਗਾਤਾਰ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ਵਿੱਚ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਬਲਾਚੌਰ ਚੌ. ਦਰਸ਼ਨ ਲਾਲ ਮੰਗੂਪੁਰ,ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਚੇਅਰਮੈਨ ਚਮਨ ਸਿੰਘ ਭਾਨਮਜਾਰਾ ਅਤੇ ਪੰਜਾਬ ਲਾਰਜ ਇੰਡੀਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵੀ ਹਾਜ਼ਰ ਸਨ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਾਰਜਕਾਰੀ ਇੰਜੀਨੀਅਰ ਡਰੇਨੇਜ਼ ਨੂੰ ਹਦਾਇਤ ਕੀਤੀ ਕਿ ਸਤਲੁਜ਼ ਦਰਿਆ ਅਤੇ ਧੁੱਸੀ ਬੰਨ੍ਹ `ਤੇ ਹੜ੍ਹਾਂ ਦੀ ਰੋਕਥਾਮ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਅਤੇ ਇਹ ਕੰਮ ਬਰਸਾਤਾਂ ਤੋਂ ਪਹਿਲਾਂ, ਸੰਭਾਵੀਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ 21 ਜੁਲਾਈ ਤੱਕ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਿਹੜੇ ਖੇਤਰ ਪ੍ਰਭਾਵਿਤ ਹੋਏ ਜਿਵੇਂ ਬਲਾਚੌਰ ਸਬ ਡਵੀਜ਼ਨ ’ਚ ਬੇਲਾ ਤਾਜੋਵਾਲ, ਦੁਗਰੀ ਅਤੇ ਖੋਜਾ ਬੇਟ ਅਤੇ ਨਵਾਂਸ਼ਹਿਰ ਸਬ ਡਵੀਜ਼ਨ ’ਚ ਤਾਜੋਵਾਲ ਮੰਢਾਲਾ, ਬੁਰਜ ਟਹਿਲ ਦਾਸ ਵਿੱਚ ਅਗਾਊ ਪ੍ਰਬੰਧ ਪਹਿਲ ਦੇ ਆਧਾਰ `ਤੇ ਕੀਤੇ ਜਾਣ।ਇਸ ਤੋਂ ਇਲਾਵਾ ਬਰਸਾਤਾਂ ਦੇ ਸੀਜ਼ਨ ਦੌਰਾਨ ਡਰੇਨੇਜ ਵਿਭਾਗ ਨਾਲ ਜ਼ਿਲ੍ਹੇ ਦੇ ਹੋਰ ਇੰਜੀਨੀਅਰਿੰਗ ਵਿੰਗ ਜਿਨ੍ਹਾਂ ’ਚ ਨਹਿਰੀ ਮਹਿਕਮਾ, ਪੰਚਾਇਤੀ ਰਾਜ, ਜਲ ਸਪਲਾਈ ਤੇ ਸੈਨੀਟੇਸ਼ਨ, ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦਾ ਤਾਲਮੇਲ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਦੇ ਜਾਨ-ਮਾਲ ਦੀ ਹਿਫਾਜ਼ਿਤ ਕੀਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ `ਤੇ ਸਤਲੁਜ਼ ਦਰਿਆ, ਧੁੱਸੀ ਬੰਨ੍ਹ ਅਤੇ ਸੰਭਾਵੀਂ ਹੜ੍ਹਾਂ ਦੌਰਾਨ ਹੋਰ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਦਾ ਦੌਰਾ ਕਰਨ ਅਤੇ ਸਮਾਂ ਰਹਿੰਦੇ ਸਾਰੇ ਪ੍ਰਬੰਧਾਂ ਨੂੰ ਯਕੀਨੀ ਮੁਕੰਮਲ ਕਰਵਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਪੂਰਾ ਚੌਕਸ ਹੈ ਅਤੇ ਦਰਿਆ ਦੇ ਬੰਨ੍ਹਾਂ ਦੀ ਨਿਗਰਾਨੀ ’ਚ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਰਿਆਂ ਦੇ ਬੰਨ੍ਹਾਂ ਦੀ ਜਿੱਥੇ ਕਿਧਰੇ ਵੀ ਮੁਰੰਮਤ ਦੀ ਜ਼ਰੂਰਤ ਹੈ ਉਹ ਤੁਰੰਤ ਕਰਵਾਈ ਜਾ ਰਹੀ ਹੈ ਤਾਂ ਜੋ ਲੋਕਾਂ ਦੇ ਜਾਨ-ਮਾਲ ਦੀ ਰਾਖੀ ਹੋ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਹੜ੍ਹਾਂ ਦੀ ਮਾਰ ਅਤੇ ਪ੍ਰਭਾਵਿਤ ਹੋਏ ਖੇਤਰਾਂ ਦੀ ਰਿਪੋਰਟ ਪ੍ਰਾਪਤ ਕਰਕੇ ਉਨ੍ਹਾਂ ਥਾਵਾਂ `ਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਰੇ ਪ੍ਰਬੰਧਾਂ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ, ਐਸ.ਡੀ.ਐਮ. ਨਵਾਂਸ਼ਹਿਰ ਜਗਦੀਸ ਸਿੰਘ ਜੌਹਲ, ਐਸ.ਡੀ.ਐਮ. ਬਲਾਚੌਰ ਜਸਬੀਰ ਸਿੰਘ, ਐਸ.ਡੀ.ਐਮ. ਬੰਗਾ ਦੀਪਜੋਤ ਕੌਰ, ਸਿਵਲ ਸਰਜਨ ਡਾ. ਰਜਿੰਦਰ ਭਾਟੀਆ, ਜ਼ਿਲ੍ਹਾ ਮਾਲ ਅਫ਼ਸਰ ਵਿਪੁਨ ਭੰਡਾਰੀ ਆਦਿ ਸ਼ਾਮਿਲ ਸਨ।