*ਹਰਪਾਲ ਸਿੰਘ ਚੀਮਾ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ*
*ਈਟੀਟੀ ਟੈਟ ਪਾਸ ਟੀਚਰਾਂ ‘ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਫ਼ਸਰਾਂ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਵਿਰੁੱਧ ਕਾਰਵਾਈ ਦੀ ਕੀਤੀ ਮੰਗ*
*ਸੂਬੇ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਲਈ ਦਿੱਤਾ ਮੈਮੋਰੰਡਮ*
*ਚੰਡੀਗੜ੍ਹ, 14 ਮਾਰਚ 2020*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਉਸ ਦੇ ‘ਅੱਤਵਾਦੀ ਕਨੈੱਕਸ਼ਨ’ ਦੇ ਮੱਦੇਨਜ਼ਰ ਉਸ ਨੂੰ ਮੰਤਰੀ ਮੰਡਲ ‘ਚੋਂ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਪਟਿਆਲਾ ਵਿਖੇ ਅੰਨ੍ਹਾ ਤਸ਼ੱਦਦ ਕਰਨ ਵਾਲੇ ਪੁਲਿਸ ਅਫ਼ਸਰਾਂ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਿਰੁੱਧ ਕਾਰਵਾਈ ਕਰਨ ਲਈ ਵੱਖਰਾ ਮੈਮੋਰੰਡਮ ਦਿੱਤਾ ਗਿਆ। ਇਸੇ ਤਰਾਂ ਪੰਜਾਬ ਦੇ 48 ਸਰਕਾਰੀ ਕਾਲਜਾਂ ਵਿਚ ਮਨਜ਼ੂਰਸ਼ੁਦਾ ਅਸਾਮੀਆਂ ‘ਤੇ ਰੱਖੇ ਗਏ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਬੇਲੋੜੀਆਂ ਸ਼ਰਤਾਂ ਹਟਾ ਕੇ ਰੈਗੂਲਰ ਕਰਨ ਲਈ ਵੀ ਮੰਗ ਪੱਤਰ ਰਾਜਪਾਲ ਨੂੰ ਸੌਂਪਿਆ ਗਿਆ।
ਸ਼ੁੱਕਰਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਕਰਨ ਉਪਰੰਤ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ 22 ਮੈਂਬਰੀ ਵਫ਼ਦ ਨੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ ਪਰੰਤੂ ਕੋਰੋਨਾ ਵਾਇਰਸ ਦੇ ਕਾਰਨ ਰਾਜਪਾਲ ਦਫ਼ਤਰ ਵੱਲੋਂ ਸਿਰਫ਼ ਇੱਕ ਮੈਂਬਰ ਨੂੰ ਹੀ ਮੁਲਾਕਾਤ ਕਰਨ ਦਾ ਸਮਾਂ ਦਿੱਤਾ ਗਿਆ।
ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿਚ ਦੱਸਿਆ ਕਿ ਹੈ ਕਿ 1992 ਵਿੱਚ ਲੁਧਿਆਣਾ ਦੀ ਪੁਲਿਸ ਨੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਅੱਤਵਾਦੀਆਂ ਦੀ ਸਹਾਇਤਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ‘ਤੇ ਦੋਸ਼ ਸੀ ਕਿ ਉਹ ਗੁੜ ਮੰਡੀ ਬੰਬ ਧਮਾਕਿਆਂ ਸਮੇਤ ਕਈ ਅਪਰਾਧਿਕ ਕਾਰਵਾਈਆਂ ਪਿੱਛੇ ਭਾਰਤ ਭੂਸ਼ਨ ਆਸ਼ੂ ਦਾ ਹੱਥ ਸੀ। ਆਪਣੇ ਇਕਬਾਲੀਆ ਬਿਆਨਾਂ ‘ਚ ਭਾਰਤ ਭੂਸ਼ਨ ਆਸ਼ੂ ਖ਼ੁਦ ਆਪਣੇ ਮੂੰਹੋਂ ਮੰਨੇ ਹਨ, ਕਿ ਗੁੜ ਮੰਡੀ ਲੁਧਿਆਣਾ ‘ਚ ਹੋਏ ਬੰਬ ਧਮਾਕੇ, 3 ਔਰਤਾਂ ਦਾ ਕਤਲ, ਆਸ਼ੂ ਵੱਲੋਂ ਅੱਤਵਾਦੀਆਂ ਨਾਲ ਮਿਲ ਕੇ ਆਪਣੇ ਤਾਏ ਦੀ ਹੱਤਿਆ ਦੀ ਸਾਜ਼ਿਸ਼ ਅਤੇ ਇੱਕ ਹੌਲਦਾਰ ਦੀ ਹੱਤਿਆ ਦੇ ਕੇਸਾਂ ਵਿਚ ਸ਼ਾਮਲ ਸਨ, ਪਰੰਤੂ ਭਾਰਤ ਭੂਸ਼ਨ ਆਸ਼ੂ ਨਾਲ ਜੁੜੇ ਜਿਹੜੇ ਕੇਸਾਂ ਦਾ ਟਰਾਇਲ ਹੀ ਨਹੀਂ ਹੋਇਆ, ਉਹ ਕਿਹੜੇ ਖਾਤੇ ‘ਚ ਬੋਲਦੇ ਹਨ। ਚੀਮਾ ਨੇ ਕਿਹਾ ਕਿ ਜੇਕਰ ਵਿਅਕਤੀ ਜਿਊਂਦਾ ਹੋਏ ਤਾਂ ਉਸ ਵਿਰੁੱਧ 50 ਸਾਲਾਂ ਬਾਅਦ ਵੀ ਕੇਸ ਦਾ ਮੁੜ ਟਰਾਇਲ ਖੁੱਲ ਸਕਦਾ ਹੈ, ਇਸ ਲਈ ਆਸ਼ੂ ਦੇ ਇਕਬਾਲੀਆ ਬਿਆਨ ਦੇ ਆਧਾਰ ‘ਤੇ ਕੇਸ ਮੁੜ ਖੋਲੇ ਜਾਣ ਅਤੇ ਆਸ਼ੂ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ। ਚੀਮਾ ਨੇ ਮੁੱਖ ਮੰਤਰੀ ਵੱਲੋਂ ਆਸ਼ੂ ਨੂੰ ਦਿੱਤੀ ਗਈ ਕਲੀਨ ਚਿੱਟ ਨੂੰ ਰੱਦ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਤੋਂ ਉੱਪਰ ਨਹੀਂ ਹਨ।
ਹਰਪਾਲ ਸਿੰਘ ਚੀਮਾ ਨੇ ਦੂਸਰੇ ਮੰਗ ਪੱਤਰ ਰਾਹੀਂ ਪਿਛਲੇ ਕਈ ਸਾਲਾਂ ਤੋਂ ਮਨਜ਼ੂਰਸ਼ੁਦਾ ਅਸਾਮੀਆਂ ਦੇ ਵਿਰੁੱਧ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਕੰਮ ਕਰ ਰਹੇ ਹਜ਼ਾਰਾਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦਾ ਮੁੱਦਾ ਵੀ ਉਠਾਇਆ। ਚੀਮਾ ਨੇ ਦੱਸਿਆ ਕਿ ਸੂਬੇ ਦੇ 48 ਸਰਕਾਰੀ ਕਾਲਜਾਂ ਵਿਚ 1011 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਪਿਛਲੇ ਲੰਬੇ ਸਮੇਂ ਤੋਂ ਮਾਮੂਲੀ ਤਨਖ਼ਾਹਾਂ ‘ਤੇ ਕੰਮ ਕਰ ਰਹੇ ਹਨ, ਜਦਕਿ ਇਨ੍ਹਾਂ ਦੀ ਨਿਯੁਕਤੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੋਗ ਪ੍ਰਣਾਲੀ ਰਾਹੀਂ ਹੋਈ ਹੈ। ਇਨ੍ਹਾਂ ਵਿਚੋਂ ਬਹੁਤ ਸਾਰੇ ਸਹਾਇਕ ਪ੍ਰੋਫੈਸਰਾਂ ਦੀ ਸਰਕਾਰ ਦੀਆਂ ਸ਼ਰਤਾਂ ਅਨੁਸਾਰ ਨੌਕਰੀ ਲੱਗਣ ਦੀ ਉਮਰ ਵੀ ਲੰਘ ਚੁੱਕੀ ਹੈ। ਇਸ ਲਈ ਸਰਕਾਰ ਇਨ੍ਹਾਂ ਅਧਿਆਪਕਾਂ ਨੂੰ ਬੇਲੋੜੀਆਂ ਸ਼ਰਤਾਂ ਹਟਾ ਕੇ ਰੈਗੂਲਰ ਕਰੇ, ਜੋ ਪਿਛਲੇ ਦਿਨਾਂ ਤੋਂ ਵੱਖ-ਵੱਖ ਕਾਲਜਾਂ ਵਿਚ ਸੰਘਰਸ਼ ਦੇ ਰਾਹ ‘ਤੇ ਤੁਰਨ ਲਈ ਮਜਬੂਰ ਹੋਏ ਪਏ ਹਨ।
ਤੀਸਰੇ ਮੰਗ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਈਟੀਟੀ/ ਐਨਈਟੀ ਯੋਗਤਾ ਪ੍ਰਾਪਤ ਅਧਿਆਪਕਾਂ ‘ਤੇ ਬੇਰਹਿਮੀ ਨਾਲ ਕੀਤੇ ਗਏ ਹਮਲੇ ਦੀ ਵੀ ਨਿੰਦਾ ਕੀਤੀ ਗਈ ਅਤੇ ਜ਼ਿੰਮੇਵਾਰ ਪੁਲਿਸ ਅਫ਼ਸਰਾਂ ਸਮੇਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੇਰੁਜ਼ਗਾਰ ਅਧਿਆਪਕ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸਮਰਥਨ ਵਿੱਚ ਪਟਿਆਲਾ ਵਿਖੇ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਜੋ ਉਨ੍ਹਾਂ ਦਾ ਜਾਇਜ਼ ਅਧਿਕਾਰ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਤੁਰੰਤ ਉਨ੍ਹਾਂ ਨੂੰ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ ਅਤੇ 2017 ਦੀਆਂ ਚੋਣਾਂ ਦੌਰਾਨ ਕੈਪਟਨ ਸਰਕਾਰ ਨੇ ਆਪਣੇ ਮੈਨੀਫੈਸਟੋ ਵਿਚ ਕੀਤੇ ਪੰਜਾਬ ਦੀ ਜਨਤਾ ਨਾਲ ਸਮੂਹ ਵਾਅਦੇ ਪੂਰੀ ਕਰਨੇ ਚਾਹੀਦੇ ਹਨ।
ਇਸ ਮੌਕੇ ਉਨ੍ਹਾਂ ਨਾਲ ਕੋਰ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੈਰੀ ਬੜਿੰਗ, ਮਨਜੀਤ ਸਿੰਘ ਸਿੱਧੂ, ਸੰਗਠਨ ਦੇ ਸਹਿ ਇੰਚਾਰਜ ਗਗਨਦੀਪ ਸਿੰਘ ਚੱਢਾ, ਬਰਿੰਦਰ ਕੁਮਾਰ ਸ਼ਰਮਾ ਅਤੇ ਤੇਜਿੰਦਰ ਮਹਿਤਾ ਆਗੂ ਮੌਜੂਦ ਸਨ।
Punjab ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ
Punjab ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ • ਕਪੂਰਥਲਾ...