ਰਾਜਾ ਵੜਿੰਗ ਨੇ ਮੋਗਾ ਬੇਅਦਬੀ ਕਾਂਡ ਦੀ ਸਜ਼ਾ ਬਾਰੇ ਆਮ ਆਦਮੀ ਪਾਰਟੀ ‘ਤੇ ਚੁੱਕੇ ਸਵਾਲ
ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ) ਮੋਗਾ ਵਿਖੇ ਬੇਅਦਬੀ ਦੇ ਤਿੰਨ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਸਿਹਰਾ ਲੈਣ ਲਈ ਆਮ ਆਦਮੀ ਪਾਰਟੀ ‘ਤੇ ਚੁਟਕੀ ਲੈਂਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਕੀਤਾ ਹੈ ਕਿ ਪਾਰਟੀ ਕਿਸ ਗੱਲ ਦਾ ਸਿਹਰਾ ਲੈਣਾ ਚਾਹੁੰਦੀ ਹੈ, ਜਦਕਿ ਸਭ ਕੁਝ ਕਾਂਗਰਸ ਦੇ ਸ਼ਾਸਨ ਕਾਲ ਦੌਰਾਨ ਹੋਇਆ ਸੀ।
ਉਨ੍ਹਾਂ ਕਿਹਾ ਕਿ ਬੇਅਦਬੀ 4 ਨਵੰਬਰ, 2015 ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਮਲਕ ਵਿੱਚ ਹੋਈ ਸੀ ਅਤੇ ਉਸ ਦਿਨ ਐਫਆਈਆਰ ਦਰਜ ਕੀਤੀ ਗਈ ਸੀ, ਪਰ ਕਾਂਗਰਸ ਦੀ ਸਰਕਾਰ ਬਣਨ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਸੀ। ਇਹ ਗ੍ਰਿਫਤਾਰੀਆਂ ਅਕਤੂਬਰ, 2018 ਵਿੱਚ ਕਾਂਗਰਸ ਦੇ ਰਾਜ ਦੌਰਾਨ ਹੀ ਹੋਈਆਂ ਸਨ।
ਵੜਿੰਗ ਨੇ ਕਿਹਾ ਕਿ ਇਸ ਕੇਸ ਦੀ ਸਾਰੀ ਪ੍ਰਕਿਰਿਆ, ਜਿਸ ਕਾਰਨ ਸਜ਼ਾ ਹੋਈ ਹੈ, ਕਾਂਗਰਸ ਦੇ ਸ਼ਾਸਨ ਦੌਰਾਨ ਹੀ ਪੂਰੀ ਹੋਈ ਸੀ। ਉਨ੍ਹਾਂ ਕਿਹਾ ਕਿ 2019 ‘ਚ ਹੀ ਦੋਸ਼ ਆਇਦ ਕੀਤੇ ਗਏ ਸਨ ਅਤੇ ਉਸ ਤੋਂ ਬਾਅਦ ਸੁਣਵਾਈ ਚੱਲੀ ਅਤੇ ਅੱਜ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਸਜ਼ਾ ਸੁਣਾਈ ਅਤੇ ਉਨ੍ਹਾਂ ਨੂੰ 3-3 ਸਾਲ ਦੀ ਸਜ਼ਾ ਹੋਈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਸਰਕਾਰ ਦੀ ਸਖ਼ਤ ਮਿਹਨਤ ਹੈ, ਜਿਸ ਕਾਰਨ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਦੇ ਇਸ ਦਾਅਵੇ ‘ਤੇ ਪ੍ਰਤੀਕਿਰਿਆ ਜ਼ਾਹਰ ਕੀਤੀ ਕਿ ਉਨ੍ਹਾਂ ਦੀ ਸਰਕਾਰ ਨੇ ਨਿਆਂ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ ਉਹ (ਚੱਡਾ) ਇਸ ਮਾਮਲੇ ਦੀ ਅਣਜਾਣਤਾ ਕਾਰਨ ਅਜਿਹਾ ਬੋਲ ਰਹੇ ਸਨ। ਉਨ੍ਹਾਂ ਚੱਢਾ ਨੂੰ ਕਿਹਾ ਕਿ ਤੁਹਾਡੀ ਸਰਕਾਰ ਬਣੀ ਨੂੰ 4 ਮਹੀਨੇ ਤੋਂ ਵੱਧ ਨਹੀਂ ਹੋਇਆ ਹੈ ਅਤੇ ਤੁਸੀਂ 3 ਸਾਲ ਪਹਿਲਾਂ ਕੀਤੇ ਕੰਮਾਂ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੇ ਹੋ। ਉਨ੍ਹਾਂ ਕਿਹਾ ਕਿ ਅੱਜ ਸਿਰਫ਼ ਕੇਸ ਦਾ ਫ਼ੈਸਲਾ ਸੁਣਾਇਆ ਗਿਆ ਹੈ।
ਵੜਿੰਗ ਨੇ ਚੱਢਾ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਐਸਆਈਟੀ ਦੀ ਰਿਪੋਰਟ ਵਿੱਚ ਬਾਦਲਾਂ ਨੂੰ ਕਲੀਨ ਚਿੱਟ ਕਿਉਂ ਦਿੱਤੀ, ਜੋ ਕੁਝ ਦਿਨ ਪਹਿਲਾਂ ਜਨਤਕ ਕੀਤੀ ਗਈ ਹੈ। ਉਨ੍ਹਾਂ ‘ਆਪ’ ਲੀਡਰਸ਼ਿਪ ਨੂੰ ਸਲਾਹ ਦਿੱਤੀ ਕਿ ਉਹ ਕਾਂਗਰਸ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲੈਣ ਦੀ ਬਜਾਏ ਬਾਦਲਾਂ ਨੂੰ ਕਲੀਨ ਚਿੱਟ ਦੇ ਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਾ ਉਤਰਨ ਲਈ ਉਨ੍ਹਾਂ ਤੋਂ ਮੁਆਫੀ ਮੰਗਣ।