– ਪ੍ਰਵਾਸੀਆਂ ਦੇ ਜ਼ਮੀਨੀ ਝਗੜਿਆਂ ਦੇ ਹੱਲ ਲਈ ਪੰਜਾਬ ਸਰਕਾਰ ਗੰਭੀਰ
– ਯੂਰਪ ਦੇ ਵੱਖ-ਵੱਖ ਦੇਸ਼ਾਂ ਦੇ ਇਕ ਸੰਯੁਕਤ ਡੈਲੀਗੇਸ਼ਨ ਵੱਲੋਂ ਸਪੀਕਰ ਨਾਲ ਮੁਲਾਕਾਤ
ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵਸੇ ਹੋਏ ਪੰਜਾਬੀ ਮੂਲ ਦੇ ਲੋਕਾਂ ਨੂੰ ਆਪੋ-ਆਪਣੇ ਜੱਦੀ ਪਿੰਡਾਂ-ਸ਼ਹਿਰਾਂ ਵਿਚ ਸਕੂਲਾਂ ਅਤੇ ਡਿਸਪੈਂਸਰੀਆਂ/ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਸਹੂਲਤਾਂ ਲਈ ਵਿੱਤੀ ਸਹਾਇਤਾ ਦੇਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ।
ਇੱਥੇ ਪੰਜਾਬ ਵਿਧਾਨ ਸਭਾ ਵਿਖੇ ਸਪੀਕਰ ਦੇ ਦਫਤਰ ਵਿਚ ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਇਕ ਸੰਯੁਕਤ ਡੈਲੀਗੇਸ਼ਨ ਨਾਲ ਰਾਣਾ ਕੇ.ਪੀ. ਸਿੰਘ ਨੇ ਮੁਲਾਕਾਤ ਦੌਰਾਨ ਕਿਹਾ ਕਿ ਬਹੁਤੇ ਪ੍ਰਵਾਸੀ ਪੰਜਾਬੀ ਸਿਆਸੀ ਸਰਗਰਮੀਆਂ ‘ਤੇ ਪੈਸਾ ਖਰਚ ਕਰਦੇ ਹਨ ਜਦਕਿ ਉਨ੍ਹਾਂ ਨੂੰ ਆਪਣੀ ਮਿਹਨਤ ਦੀ ਕਮਾਈ ਸਮਾਜਿਕ ਭਲਾਈ ਦੇ ਕੰਮਾਂ ‘ਤੇ ਖਰਚ ਕਰਨੀ ਚਾਹੀਦੀ ਹੈ। ਇਸ ਮੌਕੇ ਡੈਲੀਗੇਸ਼ਨ ਦੇ ਵੱਖ-ਵੱਖ ਮੈਂਬਰਾਂ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਜ਼ਮੀਨਾਂ ਸਬੰਧੀ ਝਗੜਿਆਂ ਦੇ ਜਲਦ ਹੱਲ ਲਈ ਕੋਈ ਢਾਂਚਾ ਸਥਾਪਿਤ ਕਰਨ ਦੀ ਜ਼ੋਰਦਾਰ ਮੰਗ ਉਠਾਈ ਗਈ। ਸਪੀਕਰ ਨੇ ਭਰੋਸਾ ਦਿੱਤਾ ਕਿ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਹੁਤ ਗੰਭੀਰ ਹੈ ਅਤੇ ਜਲਦ ਹੀ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਨੀਤੀ ਲਿਆਂਦੀ ਜਾਵੇਗੀ।
ਇਸ ਮੌਕੇ ਡੈਲੀਗੇਸ਼ਨ ਦੇ ਮੈਂਬਰ ਰਾਜਵਿੰਦਰ ਸਿੰਘ, ਕਮਲਪ੍ਰੀਤ ਧਾਲੀਵਾਲ, ਦਿਲਬਾਗ ਸਿੰਘ, ਜਗਤਾਰ ਸਿੰਘ, ਗੁਰਮੇਲ ਸਿੰਘ, ਅਮਰ ਸਿੰਘ, ਸਤਨਾਮ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਗਿੱਲ, ਗੁਰਭਾਈ ਧਾਲੀਵਾਲ, ਬਲਜਿੰਦਰ ਜੈਨਪੁਰ, ਹਰਜਿੰਦਰ ਗਿੱਲ, ਕਮਲ, ਸੰਦੀਪ ਵੜੈਚ, ਪੰਕਜ ਕੈਨ, ਕਰਨ ਬੁੱਟਰ, ਬੌਬੀ ਢਿੱਲੋਂ, ਅਮਨ ਹੇਅਰ ਅਤੇ ਨਛੱਤਰ ਕਲਸੀ ਤੋਂ ਇਲਾਵਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਵਿਧਾਨ ਸਭਾ ਦੇ ਸਕੱਤਰ ਸ਼ਸ਼ੀ ਲਖਣਪਾਲ ਮਿਸ਼ਰਾ, ਸਪੀਕਰ ਦੇ ਸਕੱਤਰ ਰਾਮ ਲੋਕ ਅਤੇ ਪਵਨ ਦੀਵਾਨ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਇਕ ਸੰਯੁਕਤ ਡੈਲੀਗੇਸ਼ਨ ਦਾ ਸਨਮਾਨ ਕਰਦੇ ਹੋਏ।