ਲੁਧਿਆਣਾ ਦੀ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ, ਰਾਹਤ ਕਾਰਜ ਜਾਰੀ
ਚੰਡੀਗੜ੍ਹ 21 ਨਵੰਬਰ(ਵਿਸ਼ਵ ਵਾਰਤਾ) – ਪੰਜਾਬ ਦੇ ਲੁਧਿਆਣਾ ਵਿੱਚ ਜੋਧੇਵਾਲ ਬਸਤੀ ਨੇੜੇ ਅੱਜ ਤੜਕੇ ਇੱਕ ਧਾਗਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ ਹੋ ਗਈ। ਫੈਕਟਰੀ ‘ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਦੇਖਦੇ ਹੀ ਦੇਖਦੇ ਅੱਗ ਵਧ ਗਈ।
ਅੱਗ ਨੇ ਪੂਰੀ ਇਮਾਰਤ ਨੂੰ ਤਬਾਹ ਕਰ ਦਿੱਤਾ। ਇਸ ਦੇ ਨਾਲ ਹੀ ਅੱਗ ਦੀਆਂ ਲਪਟਾਂ ਨੇੜੇ ਸਥਿਤ ਫੈਕਟਰੀ ਦੇ ਲੋਕਾਂ ਤੱਕ ਪਹੁੰਚਣੀਆਂ ਸ਼ੁਰੂ ਹੋ ਗਈਆਂ। ਕਰੀਬ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ | ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੀ ਬਿਲਡਿੰਗ ਨੂੰ ਨੁਕਸਾਨ ਪਹੁੰਚਿਆ ਹੈ। ਥਾਣਾ ਟਿੱਬਾ ਅਤੇ ਥਾਣਾ ਬਸਤੀ ਜੋਧੇਵਾਲ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਭੀੜ ਨੂੰ ਖਿੰਡਾਇਆ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਅੱਗ ਬੁਝਾਉਣ ‘ਚ ਲੱਗੀਆਂ ਹੋਈਆਂ ਹਨ।