ਜਾਖੜ ਤੇ ਸਿੱਧੂ ਨੇ ਚੋਣ ਨਤੀਜਿਆਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਅਕਾਲੀ ਦਲ ਅਤੇ ਹੋਰ ਪਾਰਟੀਆਂ ਦੇ ਮੁਕੰਮਲ ਸਫਾਏ ਦਾ ਸੰਕੇਤ ਦੱਸਿਆ
ਚੰਡੀਗੜ੍ਹ, 27 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ ਅਤੇ ਬੀਤੇ ਇੱਕ ਸਾਲ ਵਿੱਚ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦੇ ਹੱਕ ਵਿੱਚ ਲੋਕਾਂ ਨੇ ਸਪੱਸ਼ਟ ਫਤਵਾ ਦਿੱਤਾ ਹੈ |
ਚੋਣ ਨਤੀਜਿਆਂ ਦੇ ਸਵਾਗਤ ਵਿੱਚ ਜਾਰੀ ਬਿਆਨ ‘ਚ ਮੁੱਖ ਮੰਤਰੀ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਨੂੰ ਸੂਬੇ ਵਿੱਚ ਵਿਰੋਧੀ ਪਾਰਟੀਆਂ ਦੇ ਮੁਕੰਮਲ ਸਫਾਇਆ ਦੇ ਸੂਚਕ ਕਰਾਰ ਦਿੱਤਾ ਹੈ |
ਮੁੱਖ ਮੰਤਰੀ ਨੇ ਕਾਂਗਰਸ ਦੀ ਹੂੰਝਾਫੇਰ ਜਿੱਤ ਲਈ ਪਾਰਟੀ ਵਰਕਰਾਂ ਅਤੇ ਲੀਡਰਾਂ ਸਮੇਤ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵਧਾਈ ਦਿੱਤੀ ਜਿਸ ਵਿੱਚ ਪਾਰਟੀ ਨੇ ਨਗਰ ਨਿਗਮ ਦੀਆਂ 95 ਸੀਟਾਂ ਵਿੱਚੋਂ 62 ਸੀਟਾਂ ‘ਤੇ ਜਿੱਤ ਹਾਸਲ ਕੀਤੀ | ਇਸ ਦੌਰਾਨ ਸ੍ਰੀ ਜਾਖੜ ਨੇ ਆਖਿਆ ਕਿ ਪਾਰਟੀ ਦੀ ਜਿੱਤ ਨਾਲ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਦਿ੍ੜ ਭਰੋਸੇ ਦਾ ਪ੍ਰਗਟਾਵਾ ਕੀਤਾ ਹੈ |
ਚੋਣਾਂ ਵਿੱਚ ਦਿੱਤੇ ਸਮਰਥਨ ਲਈ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਕਾਂਗਰਸ ਪਾਰਟੀ ਦੀ ਸਪੱਸ਼ਟ ਜਿੱਤ ਨੇ ਇਕ ਵਾਰ ਫਿਰ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ‘ਤੇ ਜਨਤਕ ਮੋਹਰ ਲਾਈ ਹੈ | ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਵਿਰੋਧੀ ਪਾਰਟੀਆਂ ਦੇ ਮਾੜੇ ਕਾਰਨਾਮਿਆਂ ਅਤੇ ਮਨਘੜਤ ਦੂਸ਼ਣਬਾਜ਼ੀ ਵਿਰੁੱਧ ਪੰਜਾਬ ਦੇ ਲੋਕਾਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਜਿਨ੍ਹਾਂ ਨੇ ਕਾਂਗਰਸ ਸਰਕਾਰ ਵਿਰੁੱਧ ਨਿਰਆਧਾਰ ਦੋਸ਼ ਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ |
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਧੋਖੇ ਵਿੱਚ ਰੱਖਣ ਦੀਆਂ ਚਾਲਾਂ ਚੱਲਣ ਦੇ ਬਾਵਜੂਦ ਕਾਂਗਰਸ ਸਰਕਾਰ ਦੇ ਲੋਕ ਪੱਖੀ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਵਿੱਚ ਮੂਧੇ ਮੂੰਹ ਡਿੱਗੀਆਂ | ਉਨ੍ਹਾਂ ਕਿਹਾ ਕਿ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦੇ ਸਿਆਸੀ ਤਾਬੂਤ ਵਿੱਚ ਅਖੀਰਲਾ ਕਿੱਲ ਸਾਬਤ ਹੋਈਆਂ ਹਨ |
ਭਾਰਤੀ ਜਨਤਾ ਪਾਰਟੀ ਨੂੰ 10, ਸ਼੍ਰੋਮਣੀ ਅਕਾਲੀ ਦਲ ਨੂੰ 11, ਲੋਕ ਇਨਸਾਫ ਪਾਰਟੀ ਨੂੰ 7 ਅਤੇ ਆਮ ਆਦਮੀ ਪਾਰਟੀ ਨੂੰ ਸਿਰਫ਼ ਇਕ ਸੀਟ ਮਿਲਣ ਦੇ ਨਮੋਸ਼ੀ ਭਰੇ ਨਤੀਜਿਆਂ ਤੋਂ ਇਲਾਵਾ 4 ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਦੇ ਜਿੱਤਣ ਦਾ ਜ਼ਿਕਰ ਕਰਦਿਆਂ ਸ੍ਰੀ ਸਿੱਧੂ ਨੇ ਆਖਿਆ ਕਿ ਕਾਂਗਰਸ ਦੀ ਜਿੱਤ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਨਾਮੱਤੇ ਸਿਆਸੀ ਜੀਵਨ ਵਿੱਚ ਇਕ ਹੋਰ ਪ੍ਰਾਪਤੀ ਜੁੜ ਗਈ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੇ ਸਿਆਸੀ ਇਤਿਹਾਸ ਦੇ ਪੰਨਿਆਂ ਵਿੱਚ ਬੇਮਿਸਾਲ ਲੀਡਰ ਵਜੋਂ ਜਾਣਿਆ ਜਾਵੇਗਾ | ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਵਾਲੇ ਤਿੰਨ ਆਜ਼ਾਦ ਕੌਾਸਲਰਾਂ ਦਾ ਵੀ ਸਵਾਗਤ ਕੀਤਾ |
ਸ੍ਰੀ ਜਾਖੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ 30 ਸੀਟਾਂ ‘ਤੇ ਚੋਣ ਲੜੀ ਪਰ ਉਹ ਇੱਕ ਸੀਟ ਤੱਕ ਹੀ ਸਿਮਟ ਗਈ | ਇਸੇ ਤਰ੍ਹਾਂ ਅਕਾਲੀ ਦਲ ਨੂੰ 55 ਵਿੱਚੋਂ ਸਿਰਫ 11 ਸੀਟਾਂ ‘ਤੇ ਜਿੱਤ ਹਾਸਲ ਹੋਈ ਜਦਕਿ 47 ਸੀਟਾਂ ‘ਤੇ ਚੋਣ ਲੜਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ 10 ਸੀਟਾਂ ਤੋਂ ਬਿਨਾਂ ਸਾਰੇ ਥਾਈਾ ਹਾਰ ਦਾ ਮੂੰਹ ਵੇਖਣਾ ਪਿਆ ਜਿਸ ਤੋਂ ਸਪੱਸ਼ਟ ਹੈ ਕਿ ਇੱਕ ਸਾਲ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਦੇਖਣ ਵਾਲੀਆਂ ਇਹ ਸਿਆਸੀ ਪਾਰਟੀਆਂ ਅਜੇ ਤੱਕ ਵੀ ਆਪਣੀਆਂ ਚਾਲਬਾਜ਼ੀਆਂ ਨਾਲ ਲੋਕਾਂ ‘ਤੇ ਪ੍ਰਭਾਵ ਛੱਡਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀਆਂ ਹਨ |
ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਆਖਿਆ ਕਿ ਕਾਂਗਰਸੀ ਵਿਚਾਰਧਾਰਾ ਪ੍ਰਤੀ ਵਰਕਰਾਂ ਦੀ ਦਿ੍ੜ ਵਚਨਬੱਧਤਾ ਅਤੇ ਸਰਕਾਰ ਦੀਆਂ ਨੀਤੀਆਂ ਪ੍ਰਤੀ ਸਮਰਪਿਤ ਭਾਵਨਾ ਸਦਕਾ ਹੀ ਪਾਰਟੀ ਦੀ ਝੋਲੀ ਵਿੱਚ ਸ਼ਾਨਦਾਰ ਜਿੱਤ ਪਈ ਹੈ | ਸ੍ਰੀ ਜਾਖੜ ਨੇ ਆਖਿਆ ਕਿ ਇਨ੍ਹਾਂ ਨਤੀਜਿਆਂ ਨੇ ਪੰਜਾਬ ਦੇ ਲੋਕਾਂ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਅਮਲ ਵਿੱਚ ਲਿਆਉਣ ਲਈ ਪਾਰਟੀ ਦੀ ਠੋਸ ਵਚਨਬੱਧਤਾ ਦਰਸਾਈ ਹੈ |
ਇਸੇ ਦੌਰਾਨ ਕਾਂਗਰਸ ਹਾਈ ਕਮਾਂਡ ਨੇ ਵੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ |