ਲੋਕ ਸਭਾ ਚੋਣਾਂ-2024: ਜ਼ਿਲ੍ਹਾ ਪ੍ਰਸ਼ਾਸਨ ਪੂਰੀ ਪਾਰਦਰਸ਼ਤਾ ਨਾਲ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਏਗਾ ਲੋਕ ਸਭਾ ਚੋਣਾ- ਡਾ ਪੱਲਵੀ
• ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਸਾਰੇ ਪਹਿਲੂਆਂ ਦੀ ਸਖ਼ਤੀ
ਨਾਲ ਕੀਤੀ ਜਾਵੇ ਪਾਲਣਾ- ਜ਼ਿਲ੍ਹਾ ਚੋਣ ਅਫ਼ਸਰ
• ਚੋਣਾ ਦੌਰਾਨ ਜ਼ਿਲ੍ਹੇ ਦੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਤਾਇਨਾਤ – ਡਾ ਸਿਮਰਤ ਕੌਰ
* ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ’ਤੇ ਚੌਕਸੀ ਰੱਖਣ ਲਈ ਜ਼ਿਲ੍ਹੇ ਦੇ ਆਗਮਨ ਪੁਆਇੰਟਾਂ ’ਤੇ ਲਗਾਏ ਜਾ ਰਹੇ ਨੇ ਵਿਸ਼ੇਸ ਨਾਕੇ
ਮਾਲੇਰਕੋਟਲਾ 09 ਅਪ੍ਰੈਲ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਕਿਹਾ ਹੈ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਲੋਕ ਸਭਾ ਚੋਣਾਂ-2024 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ,ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਆਦਰਸ਼ ਚੋਣ ਜਾਬਤੇ ਦੀ ਪਾਲਣਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਗੰਭੀਰ ਹੈ। ਇਸ ਲਈ ਵੱਖ-ਵੱਖ ਚੋਣ ਟੀਮਾਂ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਦੇ ਸਹਿਯੋਗ ਲਈ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਸਾਡਾ ਫਰਜ ਬਣਦਾ ਹੈ ਕਿ ਇਨ੍ਹਾਂ ਲਈ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਠਹਿਰਣ, ਖਾਣ –ਪੀਣ ਆਦਿ ਦੇ ਪੁੱਖਤਾ ਪ੍ਰਬੰਧ ਕੀਤੇ ਜਾਣ । ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੇ ਸਾਰੇ ਪਹਿਲੂਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ । ਜਿਕਰਯੋਗ ਹੈ ਕਿ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਚੋਣਾਂ ਸਬੰਧੀ ਪਹਿਲਾ ਹੀ ਮੁਸਤੈਦ ਹੋ ਚੁੱਕਾ ਹੈ ਤਾਂ ਜੋ ਨਿਰਵਿਘਨ ਚੋਣ ਨੂੰ ਅਮਲੀ ਰੂਪ ਦਿੱਤਾ ਜਾ ਸਕੇ।
ਜ਼ਿਲ੍ਹਾ ਪੁਲਿਸ ਮੁਖੀ ਡਾ ਸਿਮਰਤ ਕੌਰ ਨੇ ਦੱਸਿਆ ਕਿ ਉਹ ਚੋਣਾਂ ਤੋਂ ਪਹਿਲਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ ਹਨ । ਇਨ੍ਹਾਂ ਟੁਕੜੀਆਂ ਦੇ ਠਹਿਰਣ ਅਤੇ ਖਾਣ-ਪੀਣ ਆਦਿ ਦੇ ਪ੍ਰਬੰਧਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹੇ ਵਿੱਚ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ’ਤੇ ਚੌਕਸੀ ਰੱਖਣ ਲਈ ਜ਼ਿਲ੍ਹੇ ਦੀਆਂ ਆਗਮਨ ਪੁਆਇੰਟਾਂ ’ਤੇ ਵਿਸ਼ੇਸ ਨਾਕੇ ਲਗਾਏ ਜਾ ਰਹੇ ਹਨ ਅਤੇ ਫਲੈਗ ਮਾਰਚਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਇਨ੍ਹਾਂ ਵਿਸ਼ੇਸ ਨਾਕਿਆਂ ਅਤੇ ਫਲੈਗ ਮਾਰਚ ਆਦਿ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਨੂੰ ਵਧਾਉਣਾ ਵੀ ਹੈ । ਉਨ੍ਹਾਂ ਹੋਰ ਕਿਹਾ ਕਿ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਜ਼ਿਲ੍ਹੇ ਦੇ 14 ਆਗਮਨ ਪੁਆਇੰਟਾਂ ’ਤੇ 10 ਹੋਰ ਸਥਾਈ/ਅਸਥਾਈ ਨਾਕੇ ਜਿਲਾ ਪੁਲਿਸ ਵੱਲੋਂ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਨਾਲ ਮਿਲ ਕੇ ਲਗਾਏ ਜਾ ਰਹੇ ਹਨ ਅਤੇ ਲਗਾਤਾਰ ਪੀ.ਸੀ.ਆਰ. ਟੁਕੜਿਆਂ ਵਲੋਂ ਜ਼ਿਲ੍ਹੇ ਵਿੱਚ ਗਸਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਲਾ ਪੁਲਿਸ ਵੱਲੋਂ ਥਾਣਾ ਪੱਧਰ ਤੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਨਜਾਇਜ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਰੇਡਾਂ ਕੀਤੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਗੌੜੇ ਅਪਰਾਧੀਆਂ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ 09 ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।