ਚੰਡੀਗੜ, 27 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡੱਲਾ ਵਾਧੂ ਚਾਰਜ ਹਲਕਾ ਕਾਲਰੂ ਤਹਿਸੀਲ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਪਟਵਾਰੀ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਸਤਪਾਲ ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਮੈਰੀਪੁਰ ਥਾਣਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਜ਼ਮੀਨ ਦਾ ਇੰਤਕਾਲ ਉਸ ਦੀ ਪਤਨੀ ਦੇ ਨਾਮ ਕਰਨ ਦੇ ਇਵਜ਼ ਵਿਚ 6,000ਰੁਪਏ ਮੰਗ ਰਿਹਾ ਹੈ ਪਰ ਸੌਦਾ 5,000 ਹੁਪਏ ਵਿੱਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।