ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ
ਚੰਡੀਗੜ੍ਹ, 1 ਅਗਸਤ( ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲਿ੍ਹਆਂ ਵਿੱਚ ਕੀਤਾ ਗਿਆ।
ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ