ਸਪੀਕਰ ਨੇ ਸਦਨ ਦੀ ਕਾਰਵਾਈ ਸੋਸ਼ਲ ਮੀਡੀਆ ਤੇ ਪ੍ਰਸਾਰਿਤ ਕਰਨ ਦੇ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ

123
Advertisement


• ਮੁੱਖ ਮੰਤਰੀ ਵੱਲੋਂ ਸਦਨ ਵਿੱਚ ਉਠਾਏ ਮੁੱਦੇ ਤੋਂ ਬਾਅਦ ਲਿਆ ਜਾਂਚ ਦਾ ਫੈਸਲਾ
ਚੰਡੀਗੜ, 22 ਮਾਰਚ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਵੱਲੋਂ ਸਦਨ ਦੀ ਕਾਰਵਾਈ ਦਾ ਸੋਸ਼ਲ ਮੀਡੀਆ ਰਾਹੀਂ ਸਿੱਧਾ ਪ੍ਰਸਾਰਣ ਕਰਨ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਪੀਕਰ ਨੇ ਇਹ ਹੁਕਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਉਠਾਏ ਮਸਲੇ ਤੋਂ ਬਾਅਦ ਦਿੱਤੇ ਹਨ।
ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਨਿਯਮਾਂ ਦੀ ਉਲੰਘਣਾ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਅਤੇ ਤਕਨੀਕੀ ਸਿੱਖਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਿਸ ਨਾਲ ਸਪੀਕਰ ਨੇ ਸਹਿਮਤੀ ਜ਼ਾਹਰ ਕੀਤੀ।
ਇਸ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸਦਨ ਦੀ ਕਾਰਵਾਈ ਦਾ ਫੇਸਬੁੱਕ ਰਾਹੀਂ ਸਿੱਧਾ ਪ੍ਰਸਾਰਣ ਕਰਨਾ ਗੰਭੀਰ ਮਸਲਾ ਹੈ। ਉਨਾਂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਸਾਰੇ ਵਿਧਾਇਕਾਂ ਨੂੰ ਸਦਨ ਦੀ ਮਾਣ-ਮਰਿਆਦਾ ਕਾਇਮ ਰੱਖਣ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।
ਕਿਸੇ ਮੈਂਬਰ ਦਾ ਨਾਮ ਲਏ ਬਿਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਜਾਣੂੰ ਕਰਵਾਇਆ ਕਿ ਇਹ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਦਿਨ ਇਕ ਵਿਰੋਧੀ ਮੈਂਬਰ ਨੇ ਸਦਨ ਦੀ ਕਾਰਵਾਈ ਦਾ ਸੋਸ਼ਲ ਮੀਡੀਆ ‘ਤੇ ਸਿੱਧਾ ਪ੍ਰਸਾਰਣ ਕਰਕੇ ਇਸ ਨੂੰ ਜਨਤਕ ਕਰ ਦਿੱਤਾ। ਸ੍ਰੀ ਚੰਨੀ ਨੇ ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ।
ਸਪੀਕਰ ਨੇ ਸਮੂਹ ਮੈਂਬਰਾਂ ਨੂੰ ਵਿਧਾਨ ਸਭਾ ਦੇ ਆਚਰਨ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਦੀ ਹਦਾਇਤ ਕਰਦਿਆਂ ਨਿਯਮ-90 ਦਾ ਹਵਾਲਾ ਵੀ ਦਿੱਤਾ ਜਿਸ ਮੁਤਾਬਕ ਸਾਰੇ ਮੈਂਬਰਾਂ ਨੂੰ ਸਦਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਨਾਲ ਲਿਆਂਦੇ ਗਏ ਮੋਬਾਈਲ ਅਤੇ ਹੋਰ ਸੰਚਾਰ ਸਾਧਨਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ।
ਬੁੱਧਵਾਰ ਨੂੰ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕਰਨ ਦੀਆਂ ਰਿਪੋਰਟਾਂ ਤੋਂ ਬਾਅਦ ਮੀਡੀਆ ਨੇ ਵੀ ਇਸ ਮੁੱਦੇ ਨੂੰ ਚੁੱਕਿਆ ਸੀ। 

Advertisement

LEAVE A REPLY

Please enter your comment!
Please enter your name here