ਅੰਮ੍ਰਿਤਸਰ, 21 ਦਸੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਗੁਰਬਾਣੀ ਦਿਵਸ’ 22 ਦਸੰਬਰ ਨੂੰ ਮਨਾਇਆ ਜਾਵੇਗਾ। ਇਸ ਤਹਿਤ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਸਕੂਲਾਂ ਕਾਲਜਾਂ ਵਿਚ ਸਮਾਗਮ ਅਯੋਜਿਤ ਕਰਕੇ ਸਮੂਹਿਕ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਕੀਤੇ ਜਾਣਗੇ, ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਹੱਕ ਸੱਚ ਅਤੇ ਧਰਮ ਦੀ ਰਖਵਾਲੀ ਲਈ ਆਪਣੀ ਸ਼ਹਾਦਤ ਦੇ ਕੇ ਸਾਡੇ ਲਈ ਮਾਰਗ ਦਰਸ਼ਨ ਦਿੱਤਾ ਹੈ, ਜਿਸ ਅਨੁਸਾਰ ਚੱਲਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਕੁਝ ਸਮਾਂ ਕੱਢਣਾ ਹਰ ਸਿੱਖ ਦਾ ਪਰਮ ਧਰਮ ਕਰਤੱਵ ਹੈ ਅਤੇ ਹਰ ਸਿੱਖ ਨੂੰ ਚਾਹੀਦਾ ਹੈ ਕਿ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੁਰਬਾਣੀ ਦਿਵਸ ਦਾ ਹਿੱਸਾ ਬਣੇ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਤਿਕਾਰ ਭੇਟ ਕਰਨ ਲਈ ਹਰ ਸਾਲ ੨੨ ਦਸੰਬਰ ਨੂੰ ਗੁਰਬਾਣੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਇਸ ਵਾਰ ਵੀ ਸਵੇਰੇ ੧੧ ਵਜੇ ਗੁਰਬਾਣੀ ਜਾਪ ਸਮਾਗਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਪੰਜਾਬ ਤੇ ਹਰਿਆਣਾ ਦੇ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਅੰਦਰ ਇਸ ਸਬੰਧ ਵਿਚ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨਾਲ ਸਬੰਧਤ ਸਕੂਲਾਂ ਕਾਲਜਾਂ ਦਾ ਸਟਾਫ਼, ਵਿਦਿਆਰਥੀ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਜਾਣ ਵਾਲੇ ਸਮਾਗਮ ਦਾ ਹਿੱਸਾ ਬਣ ਕੇ ਗੁਰਬਾਣੀ ਜਾਪ ਉਪਰੰਤ ਸਮੂਹਿਕ ਅਰਦਾਸ ਕਰਨਗੇ।
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਮੀਟਿੰਗ ਅੱਜ
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਮੀਟਿੰਗ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ...