ਸਿਧਾਂਤਕ ਲੜਾਈ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸ਼੍ਰੋਮਣੀ ਕਮੇਟੀ ਮੈਂਬਰ ਡਟ ਕੇ ਸਾਥ ਦੇਣ: ਦਵਿੰਦਰ ਸਿੰਘ ਸੋਢੀ

0
47

ਸਿਧਾਂਤਕ ਲੜਾਈ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸ਼੍ਰੋਮਣੀ ਕਮੇਟੀ ਮੈਂਬਰ ਡਟ ਕੇ ਸਾਥ ਦੇਣ: ਦਵਿੰਦਰ ਸਿੰਘ ਸੋਢੀ

 

ਚੰਡੀਗੜ੍ਹ, 6 ਨਵੰਬਰ(ਵਿਸ਼ਵ ਵਾਰਤਾ)ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਆਉਣ ਵਾਲੀ 8 ਨਵੰਬਰ ਨੂੰ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੀ ਹੋਣ ਵਾਲੀ ਚੋਣ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 7 ਨਵੰਬਰ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਐਲਾਨੇ ਜਾਣ ਵਾਲੇ ਉਮੀਦਵਾਰ ਨੂੰ ਜਿੱਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਥ ਨੂੰ ਬਚਾਉਣ ਲਈ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਿਚੋਂ ਬਾਹਰ ਦਾ ਰਸਤਾ ਦਿਖਾਉਣਾ ਬੇਹੱਦ ਜਰੂਰੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਮਨੋਰਥ ਪਾਵਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਨੂੰ ਮੁੜ ਬਹਾਲ ਕਰਨਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਡਰੀ, ਆਜ਼ਾਦ ਅਤੇ ਨਿਆਰੀ ਹਸਤੀ ਕਾਇਮ ਕਰਨਾ, ਖਾਲਸਾ ਪੰਥ ਦੀ ਰਾਜਸੀ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਪਰਿਵਾਰ ਦੇ ਗਲਬੇ ਵਿਚੋਂ ਕੱਢਕੇ ਪੰਥ ਅਤੇ ਪੰਜਾਬ ਦੀ ਪ੍ਰਤੀਨਿਧ ਜਥੇਬੰਦੀ ਬਣਾਉਣਾ, ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੁਰਦੁਆਰਾ ਜੁਡਿਸੀਅਲ ਕਮਿਸ਼ਨ ਦੇ ਗੁਰਸਿੱਖ ਅਤੇ ਯੋਗ ਮੈਬਰਾਂ ਦੀ ਨਿਯੁਕਤੀ ਯਕੀਨੀ ਬਣਾਉਣਾ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੁਰਜ ਜਵਾਹਰ ਸਿੰਘ ਵਾਲਾ ਅਤੇ ਪੰਜਾਬ ਦੀਆਂ ਹੋਰਨਾਂ ਥਾਵਾਂ `ਤੇ ਹੋਈਆਂ ਬੇਅਦਬੀਆਂ ਦਾ ਇਨਸਾਫ਼ ਯਕੀਨੀ ਬਣਾਉਣਾ, ਬਹਿਬਲ ਕਲਾਂ, ਬਰਗਾੜੀ ਅਤੇ ਕੋਟਕਪੁਰਾ ਥਾਵਾਂ ਸਮੇਤ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਹੋਏ ਗੋਲੀ ਕਾਂਡ ਵਿਚ ਸ਼ਹੀਦ ਅਤੇ ਫਟੜ ਹੋਏ ਪੀੜਤਾਂ ਨੂੰ ਨਿਆਂ ਦਿਵਾਉਣਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਨੂੰ ਪਰਿਵਾਰ ਦੇ ਰਾਜਸ਼ੀ ਗਲਬੇ ਤੋਂ ਮੁਕਤ ਕਰਵਾਉਣਾ, ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਨੂੰ ਇਕੋ ਪਰਿਵਾਰ ਦੇ ਏਕਾਧਿਕਾਰ ਤੋ ਮੁਕਤ ਕਰਵਾਉਣਾ, ਖ਼ਾਲਸਾ ਪੰਥ ਵਿਚ ਮੁਕੰਮਲ ਏਕਤਾ ਕਰਵਾਉਣ ਲਈ ਯਤਨ ਕਰਨੇ, ਪਤਿਤਪੁਣਾ ਅਤੇ ਨਸਿ਼ਆਂ ਦੇ ਵਿਰੁੱਧ ਇਕ ਲਹਿਰ ਚਲਾ ਕੇ ਭਟਕੇ ਹੋਏ ਨੌਜਵਾਨਾਂ ਨੂੰ ਗੁਰੂ ਦੇ ਲੜ ਲਾਉਣ ਲਈ ਘਰ- ਘਰ ਤੱਕ ਪਹੁੰਚ ਕਰਨੀ, ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨ ਤੋਂ ਇਲਾਵਾ ਪੰਜਾਬ ਵਿੱਚ ਜੁਝਾਰੂ ਸਿੱਖਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਸਰਕਾਰ ਦੀ ਮੁਹਿੰਮ ਦੇ ਵਿਰੋਧ ਅਵਾਜ਼ ਬੁਲੰਦ ਕਰਨਾ ਹੈ।
ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਇੱਕ ਪਾਸੇ ਉਹ ਪਰਿਵਾਰ ਹੈ ਜੋ ਪਿਛਲੇਂ ਲੰਮੇ ਸਮੇਂ ਤੋਂ ਭ੍ਰਿਸ਼ਟਚਾਰ ਕਰਕੇ ਸ਼੍ਰੋਮਣੀ ਕਮੇਟੀ ਨੂੰ ਲੁਟ ਰਿਹਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਿਹਾ ਹੈ ਅਤੇ ਦੂਜੇ ਪਾਸੇ ਸ.ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸਿਧਾਂਤਕ ਅਤੇ ਸਿੱਖ ਸੰਸਥਾ ਵਿਚ ਸੁਧਾਰ ਲਈ ਲੜ ਰਿਹਾ ਹੈ। ਇਸ ਲਈ ਇਸ ਲੜਾਈ ਵਿਚ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪੰਥ ਦਰਦੀਆਂ ਨੂੰ ਸੁਖਦੇਵ ਸਿੰਘ ਢੀਂਡਸਾ ਦਾ ਡਟਕੇ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਪੰਥ ਦੇ ਕੋਲ ਇਕ ਸੁਨਹਿਰੀ ਮੌਕਾ ਹੈ ਤੇ ਇਸ ਨੂੰ ਅਜਾਈ ਨਹੀ ਗਵਾਉਣਾ ਚਾਹੀਦਾ ਹੈ।
ਸੋਢੀ ਨੇ 8 ਨਵੰਬਰ ਨੂੰ ਹੋਣ ਜਾ ਰਹੀ ਚੋਣ ਵਿਚ ਸਮੂਹ ਕਮੇਟੀ ਮੈਂਬਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ `ਤੇ ਵੋਟ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਸਮੇਂ ਸਾਰੀਆਂ ਪੰਥਕ ਧਿਰਾਂ ਨੂੰ ਆਪਸੀ ਮੱਤਭੇਦ ਭੁਲਾਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਐਲਾਨੇ ਜਾਣ ਵਾਲੇ ਉਮੀਦਵਾਰ ਨੂੰ ਜਿੱਤਾਉਣ ਲਈ ਯਤਨ ਕਰਨੇ ਚਾਹੀਦੇ ਹਨ।