ਸਿਵਲ ਸਰਜਨ ਵਲੋਂ ਸੀਨੀਅਰ ਅਧਿਕਾਰੀਆਂ ਨਾਲ ਬੈਠਕ, ਦਿੱਤੀਆਂ ਜ਼ਰੂਰੀ ਹਦਾਇਤਾਂ
ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ) ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਸਮੀਖਿਆ ਬੈਠਕ ਕੀਤੀ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਹਦਾਇਤਾਂ ਦਿਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਭਾਵੇਂ ਡੇਂਗੂ ਅਤੇ ਚਿਕਨਗੁਨੀਆ ਦੇ ਕੇਸ ਹੁਣ ਘਟਣ ਲੱਗ ਪਏ ਹਨ ਪਰ ਸਾਵਧਾਨੀ ਅਤੇ ਜਾਂਚ ਹਾਲੇ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਬੀਮਾਰੀਆਂ ਦੀ ਅਗਾਊਂ ਰੋਕਥਾਮ ਲਈ ਲਗਾਤਾਰ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਸਿਵਲ ਸਰਜਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਜਿਥੇ ਕਿਤੇ ਵੀ ਕੋਈ ਕੇਸ ਸਾਹਮਣੇ ਆਉਂਦਾ ਹੈ, ਉਥੇ ਸਰਵੇ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ।
ਡਾ. ਆਦਰਸ਼ਪਾਲ ਕੌਰ ਨੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਵਲੋਂ 18 ਤੋਂ 24 ਨਵੰਬਰ ਤਕ ਮਨਾਏ ਜਾ ਰਹੇ ‘ਐਂਟੀ ਮਾਈਕਰੋਬੀਅਲ ਜਾਗਰੂਕਤਾ’ ਹਫ਼ਤੇ ਦੌਰਾਨ ਕੀਤੀਆਂ ਗਈਆਂ ਸਰਗਰਮੀਆਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਐਂਟੀਬਾਇਉਟਿਸ ਡਾਕਟਰ ਦੀ ਸਲਾਹ ਨਾਲ ਹੀ ਲਏ ਜਾਣੇ ਚਾਹੀਦੇ ਹਨ ਅਤੇ ਆਮ ਜ਼ੁਕਾਮ, ਫਲੂ, ਨੱਕ ਵਗਣ ਜਾਂ ਵਾਇਰਲ ਲਾਗ ਹੋਣ ’ਤੇ ਐਟੀਬਾਇਉਟਿਕਸ ਦੀ ਵਰਤੋਂ ਨਾ ਕੀਤੀ ਜਾਵੇ।
ਸਿਵਲ ਸਰਜਨ ਨੇ ਆਖਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਂਚ ਅਤੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ, ਸਟਾਫ਼ ਨਾਲ ਰੈਗੂਲਰ ਮੀਟਿੰਗਾਂ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਨਤਾ ਨਾਲ ਸਿੱਧੇ ਤੌਰ ’ਤੇ ਡੀਲ ਕਰਨ ਵਾਲੇ ਮੁਲਾਜ਼ਮ ਡਿਊਟੀ ਸਮੇਂ ਅਪਣੀ ਸੀਟ ’ਤੇ ਮੌਜੂਦ ਰਹਿਣ। ਉਨ੍ਹਾਂ ਸਖ਼ਤੀ ਨਾਲ ਕਿਹਾ ਕਿ ਕਿਸੇ ਵੀ ਸਿਹਤ ਸੰਸਥਾ ਵਿਚ ਭਿ੍ਰਸ਼ਟਾਚਾਰ ਜਾਂ ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ, ਐਪੀਡੀਮੋਲੋਜਿਸਟ ਡਾ.ਹਰਮਨਦੀਪ ਕੌਰ, ਸਾਰੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।