ਐਸ.ਏ.ਐਸ. ਨਗਰ, 11 ਸਤੰਬਰ (ਵਿਸ਼ਵ ਵਾਰਤਾ)-ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਮਾਸਟਰ ਕਾਡਰ ਦੇ 525 ਅਧਿਆਪਕਾਂ ਨੂੰ ਅੱਜ ਬੁਲਾ ਕੇ ਮੈਰਿਟ ਅਨੁਸਾਰ ਸਟੇਸ਼ਨ ਅਲਾਟ ਕਰ ਦਿੱਤੇ ਗਏ। ਇਨ੍ਹਾਂ ਨਵੇਂ ਚੁਣੇ ਅਧਿਆਪਕਾਂ ਨੂੰ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ ‘ਘਰ ਘਰ ਰੋਜ਼ਗਾਰ ਮੇਲੇ’ ਦੌਰਾਨ ਨਿਯੁਕਤੀ ਪੱਤਰ ਸੌਂਪੇ ਸਨ। ਸਿੱਖਿਆ ਵਿਭਾਗ ਵੱਲੋਂ ਅੱਜ ਇਥੇ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਇਨ੍ਹਾਂ ਨਵੇਂ ਚੁਣੇ ਅਧਿਆਪਕਾਂ ਨੂੰ ਸਟੇਸ਼ਨਾਂ ਦੀ ਅਲਾਟਮੈਂਟ ਕੀਤੀ ਗਈ।
ਇਸ ਮੌਕੇ ਨਵੇਂ ਚੁਣੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਹੋ ਰਹੇ ਹਨ ਅਤੇ ਇਸੇ ਕੜੀ ਵਿੱਚ ਖਾਲੀ ਪੋਸਟਾਂ ਭਰਨ ਲਈ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨਵ ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਅੱਜ ਤੋਂ ਉਨ੍ਹਾਂ ਦੀ ਜ਼ਿੰਮੇਵਾਰੀ ਵਧ ਜਾਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਨਵੇਂ ਭਰਤੀ ਕੀਤੇ ਅਧਿਆਪਕ ਆਪਣੀ ਲਿਆਕਤ, ਸਖਤ ਮਿਹਨਤ ਅਤੇ ਲਗਨ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਵਿੱਚ ਵਿਸ਼ੇਸ਼ ਯੋਗਦਾਨ ਪਾਉਣਗੇ।
ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇ ਨਵ ਨਿਯੁਕਤ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ਤਹਿਤ ਅੱਜ ਨਵੇਂ ਚੁਣੇ ਅਧਿਆਪਕਾਂ ਨੂੰ ਬੁਲਾਇਆ ਗਿਆ ਹੈ। ਇਨ੍ਹਾਂ ਅਧਿਆਪਕਾਂ ਨੂੰ ਮੈਰਿਟ ਅਨੁਸਾਰ ਬੁਲਾ ਕੇ ਖਾਲੀ ਸਟੇਸ਼ਨਾਂ ਦੀ ਸੂਚੀ ਦਿਖਾਈ ਗਈ ਜਿਸ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਦੀ ਪਸੰਦ ਅਨੁਸਾਰ ਸਟੇਸ਼ਨ ਅਲਾਟ ਕੀਤੇ ਗਏ। ਉਨ੍ਹਾਂ ਕਿਹਾ ਕਿ ਅੰਗਹੀਣ, ਗੰਭੀਰ ਬਿਮਾਰੀ ਤੋਂ ਪੀੜਤ ਜਾਂ ਜਿਸ ਨਵ-ਨਿਯੁਕਤ ਅਧਿਆਪਕ ਦਾ ਕੋਈ ਬੱਚਾ ਮੰਦਬੁੱਧੀ ਜਾਂ ਗੰਭੀਰ ਬਿਮਾਰੀ ਨਾਲ ਪੀੜਤ ਹੈ, ਨੂੰ ਸਟੇਸ਼ਨਾਂ ਦੀ ਅਲਾਟਮੈਂਟ ਵਿੱਚ ਪਹਿਲ ਦਿੱਤੀ ਗਈ ਹੈ। ਸਟੇਸ਼ਨਾਂ ਦੀ ਅਲਾਟਮੈਂਟ ਦਾ ਕੰਮ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਧਰਮ ਸਿੰਘ ਤੇ ਸਹਾਇਕ ਡਾਇਰੈਕਟਰ ਸ੍ਰੀ ਲਲਿਤ ਕਿਸ਼ੋਰ ਘਈ ਦੀ ਦੇਖ-ਰੇਖ ਹੇਠ ਸੰਪੰਨ ਹੋਇਆ।
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਮਾਮਲੇ ਵਿੱਚ ਦਖ਼ਲ ਦੇਣ ਲਈ ਭਾਰਤ ਦੇ ਉਪ...