ਸਿੱਖ ਵਾਤਾਵਰਣ ਦਿਵਸ ਵਜੋਂ ਮਨਾਇਆ ਜਾਵੇਗਾ ਸੱਤਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸ

267
Advertisement


ਕੀਰਤਪੁਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ-ਡਾ. ਰੂਪ ਸਿੰਘ
ਅੰਮ੍ਰਿਤਸਰ, 12 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਿੱਖ ਵਾਤਾਵਰਣ ਦਿਵਸ ਵਜੋਂ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਸਬੰਧ ਵਿਚ ਸ੍ਰੀ ਕੀਰਤਪੁਰ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ੧੫ ਮਾਰਚ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਲਾਭ ਸਿੰਘ ਕਾਰਸੇਵਾ ਕਿਲ੍ਹਾ ਅਨੰਦਗਡ਼੍ਹ ਸਾਹਿਬ, ਬਾਬਾ ਬਲਬੀਰ ਸਿੰਘ ਸੀਚੇਵਾਲ ਸਮੇਤ ਵਾਤਾਵਰਣ ਪ੍ਰੇਮੀ ਅਤੇ ਬਾਗਬਾਨੀ ਦੇ ਮਾਹਿਰ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਿੱਖ ਵਾਤਾਵਰਣ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਇਸ ਵਾਰ ਵੀ ੧੫ ਮਾਰਚ ਨੂੰ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ ਅਤੇ ਮੁੱਖ ਸਮਾਗਮ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਲਕਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਦੇਖ-ਰੇਖ ਹੇਠ ਕੀਤਾ ਜਾਵੇਗਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਲਗਾਏ ਗਏ ਨੌਲੱਖਾ ਬਾਗ ਦੀ ਸਾਂਭ-ਸੰਭਾਲ ਲਈ ਵੱਡੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿਛਲੇ ਸਾਲ ਇਸ ਇਤਿਹਾਸਕ ਬਾਗ ਵਿਚ ੧੫ ਕਿਸਮ ਦੇ ਔਸ਼ਧੀ ਬੂਟੇ ਵੀ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਸੱਤਵੇਂ ਪਾਤਸ਼ਾਹ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਸਕੂਲਾਂ ਕਾਲਜਾਂ ਵਿਚ ਵੀ ਵਾਤਾਵਰਣ ਦੀ ਸ਼ੁਧਤਾ ਲਈ ਬੂਟੇ ਲਗਾਉਣ ਦੇ ਨਾਲ ਨਾਲ ਵਾਤਾਵਰਣ ਸਬੰਧੀ ਜਾਗਰੂਕਤਾ ਵੀ ਫੈਲਾਈ ਜਾਵੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਦਿਨ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਲਈ ਪ੍ਰਣ ਵੀ ਕੀਤਾ ਜਾਵੇ।

Advertisement

LEAVE A REPLY

Please enter your comment!
Please enter your name here