ਸਿੱਧੂ ਮੂਸੇਵਾਲਾ ਕਤਲ ਮਾਮਲਾ
ਮਾਨਸਾ ਦੀ ਅਦਾਲਤ ’ਚ ਸੁਣਵਾਈ ਅੱਜ
ਚੰਡੀਗੜ੍ਹ, 22ਮਾਰਚ(ਵਿਸ਼ਵ ਵਾਰਤਾ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਸੁਣਵਾਈ ਅੱਜ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਹੋਵੇਗੀ। ਕਤਲ ਦੇ ਚਾਰ ਮੁੱਖ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਦਾਇਰ ਅਰਜ਼ੀ ’ਤੇ ਸੁਣਵਾਈ ਹੈ। ਇਸ ਵਿੱਚ ਪੁਲਿਸ ਆਪਣਾ ਪੱਖ ਪੇਸ਼ ਕਰੇਗੀ। ਵਰਨਣਯੋਗ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਵੱਲੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਇਸ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਣਗੇ। ਗੌਰਤਲਬ ਹੈ ਕਿ ਲਾਰੈਂਸ ਬਿਸ਼ਨੋਈ ਡਰੱਗਜ਼ ਦੇ ਮਾਮਲੇ ‘ਚ ਗੁਜਰਾਤ ਦੀ ਜੇਲ ‘ਚ ਬੰਦ ਹੈ। ਹਾਲਾਂਕਿ ਜੱਜ ਪਿਛਲੀ ਤਰੀਕ ‘ਤੇ ਛੁੱਟੀ ‘ਤੇ ਹੋਣ ਕਾਰਨ ਸੁਣਵਾਈ ਅੱਜ ਤੱਕ ਲਈ ਟਾਲ ਦਿੱਤੀ ਗਈ। ਪੁਲਿਸ ਤੱਥਾਂ ਸਮੇਤ ਆਪਣਾ ਪੱਖ ਪੇਸ਼ ਕਰੇਗੀ। ਜ਼ਿਕਰਯੋਗ ਹੈ ਕਿ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਦਾ 6 ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਜਿਸ ‘ਚ ਲਾਰੈਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ। ਲਾਰੈਂਸ ਨੇ ਆਪਣੇ ਵਿਵਾਦਤ ਇੰਟਰਵਿਊ ਵਿੱਚ ਮੂਸੇਵਾਲਾ ਦੇ ਕਤਲ ਦਾ ਵੀ ਜ਼ਿਕਰ ਕੀਤਾ ਸੀ। ਇਸ ਦੇ ਬਾਵਜੂਦ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਅਦਾਲਤ ਵਿੱਚ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿੱਚ ਉਨ੍ਹਾਂ ਨੇ ਮੂਸੇਵਾਲਾ ਦੇ ਕਤਲ ਵਿੱਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਾ ਹੋਣ ਦੀ ਗੱਲ ਕਹੀ ਸੀ।