Advertisement
ਗੁਰਦਾਸਪੁਰ, 6 ਅਕਤੂਬਰ (ਵਿਸ਼ਵ ਵਾਰਤਾ) : ਜਬਰ-ਜਨਾਹ ਅਤੇ ਧੋਖਾਧੜੀ ਦਾ ਕੇਸ ਦਰਜ ਹੋਣ ਤੋਂ ਬਾਅਦ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ| ਸੁੱਚਾ ਸਿੰਘ ਲੰਗਾਹ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਧਾਰਾ 295ਏ ਤਹਿਤ ਕੇਸ ਦਰਜ ਕੀਤਾ ਗਿਆ ਹੈ| ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਦੀ ਅਗਵਾਈ ਹੇਠ ਇਕ ਵਫਦ ਐਸ.ਐਸ.ਪੀ ਗੁਰਦਾਪੁਰ ਨੂੰ ਮਿਲਿਆ, ਜਿਥੇ ਉਨ੍ਹਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡੀਓ ਦੁਆਰਾ ਸਿੱਖ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ|
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਨੇ ਕੱਲ੍ਹ ਸੁੱਚਾ ਸਿੰਘ ਲੰਗਾਹ ਨੂੰ ਪੰਥ ‘ਚੋਂ ਛੇਕਣ ਦਾ ਹੁਕਮ ਸੁਣਾਇਆ ਸੀ| ਇਸ ਤੋਂ ਪਹਿਲਾਂ ਗੁਰਦਾਸਪੁਰ ਵਿਖੇ ਆਤਮ ਸਮਰਪਣ ਕਰਨ ਤੋਂ ਬਾਅਦ ਅਦਾਲਤ ਦੇ ਬਾਹਰ ਸਿੱਖ ਸੰਗਠਨਾਂ ਵੱਲੋਂ ਸੁੱਚਾ ਸਿੰਘ ਲੰਗਾਹ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਸੀ ਅਤੇ ਉਨ੍ਹਾਂ ਦਾ ਪੁਤਲਾ ਵੀ ਸਾੜਿਆ ਗਿਆ ਸੀ|
Advertisement