ਨਵੀਂ ਦਿੱਲੀ, 22 ਅਗਸਤ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਸਿੰਘ ਦੇ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਦੇ ਆਉਣ ਵਾਲੇ ਫੈਸਲੇ ਦੇ ਸਬੰਧ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਤੋੜਨ ਵਿਰੁੱਧ ਕਿਸੇ ਵੀ ਤਰਾਂ ਦੀ ਕੋਸ਼ਿਸ਼ ਵਿਰੁੱਧ ਸਖਤ ਚੇਤਾਵਨੀ ਦਿੱਤੀ ਹੈ।
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦੇਵੇਗੀ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸੂਬਾ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ।
Îਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸੁਰੱਖਿਆ ਬਣਾਈ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਫੋਰਸ ਦੀਆਂ 75 ਕੰਪਨੀਆਂ ਪ੍ਰਾਪਤ ਹੋਈਆਂ ਹਨ ਅਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਗੜਬੜ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ।
ਸੂਬੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਦਾਲਤ ਦੇ ਫੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ।
ਹਰਿਆਣਾ ਪੁਲਸ ਵੱਲੋਂ ਡੇਰਾ ਮੁਖੀ ਦੇ ਵਿਰੁੱਧ ਦਰਜ ਕੀਤੇ ਬਲਾਤਕਾਰ ਦੇ ਕੇਸ ਦੇ ਸਬੰਧ ਵਿੱਚ ਪੰਚਕੂਲਾ ਅਦਾਲਤ ਵੱਲੋਂ 25 ਅਗਸਤ ਨੂੰ ਫੈਸਲਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪੁਲਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿੱਜੀ ਤੌਰ ‘ਤੇ ਨਾਜੁਕ ਇਲਾਕਿਆਂ ਦਾ ਦੌਰਾ ਕਰਨ ਅਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਵਾਪਰਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਸੁਰੱਖਿਆ ਪ੍ਰਬੰਧ ਯਕੀਨੀ ਬਨਾਉਣ।
ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਅੱਜ ਸਵੇਰੇ ਬਠਿੰਡਾ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ ਹੋਰ ਨਾਜ਼ੁਕ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਅਰੋੜਾ ਨੇ ਬਠਿੰਡਾ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਅਤੇ ਸੂਬੇ ਵਿੱਚ ਹਰ ਹਾਲਤ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ। ਬਠਿੰਡਾ ਤੋਂ ਇਲਾਵਾ ਡੀ.ਜੀ.ਪੀ. ਨੇ ਮਾਨਸਾ, ਮੋਗਾ, ਪਟਿਆਲਾ, ਲੁਧਿਆਣਾ ਦਿਹਾਤੀ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਦਾ ਵੀ ਦੌਰਾ ਕੀਤਾ।
ਬਠਿੰਡਾ ਦੇ ਸਿਰਸੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਪੱਧਰ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਸਿਰਸਾ ਡੇਰਾ ਸੱਚਾ ਸੌਦਾ ਦਾ ਹੈਡ ਕੁਆਟਰ ਹੈ। ਪੁਲਿਸ ਨੇ ਸੀ.ਆਰ.ਪੀ.ਐਫ. ਅਤੇ ਰੈਪਿਡ ਐਕਸ਼ਨ ਫੋਰਸ ਨਾਲ ਮਿਲ ਕੇ ਫਲੈਗ ਮਾਰਚ ਕੀਤਾ। ਇਸ ਤਰ੍ਹਾਂ ਦਾ ਮਾਰਚ ਮੋਗਾ ਵਿਖੇ ਵੀ ਕੀਤਾ ਗਿਆ। ਪੁਲਿਸ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਨਾਲ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
ਡੀ.ਜੀ.ਪੀ. ਨੂੰ ਨਾਜ਼ੁਕ ਖੇਤਰਾਂ ਦਾ ਹਵਾਈ ਸਰਵੇ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੈਲੀਕਪਟਰ ਮੁਹਈਆ ਕਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਨਾਜ਼ੁਕ ਇਲਾਕਿਆਂ ਦੇ ਜ਼ਮੀਨੀ ਹਾਲਤਾਂ ‘ਤੇ ਨੇੜੀਓਂ ਨਿਗਾ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੁਰੱਖਿਆ, ਖੂਫੀਆ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਅਫਵਾਹਾਂ ਫੈਲਾਉਣ ਜਾਂ ਭੜਕਾਊ ਬਿਆਨ ਦੇਣ ਜਾਂ ਕਾਰਜ ਕਰਨ ਵਾਲੇ ਤੱਤਾਂ ਨਾਲ ਸਖਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ।
ਸੂਬੇ ਵਿੱਚ ਕਾਨੂੰਨ ਵਿਵਸਥਾ ਤੋੜਨ ਖਿਲਾਫ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਸਖਤ ਚੇਤਾਵਨੀ
Advertisement
Advertisement