ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਚਾਰ ਕੈਦੀ ਆਪਸ ਵਿੱਚ ਭਿੜ ਗਏ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਗਏ। ਜਿਸ ਤੋਂ ਬਾਅਦ ਚਾਰੋਂ ਕੈਦੀਆਂ ਨੂੰ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਦੋ ਕੈਦੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬਾਕੀ ਦੋ ਕੈਦੀ ਹਸਪਤਾਲ ‘ਚ ਜ਼ੇਰ-ਏ-ਇਲਾਜ ਹਨ। ਸੰਗਰੂਰ ਹਸਪਤਾਲ ਦੇ ਡਾਕਟਰਾਂ ਅਨੁਸਾਰ ਦੋ ਕੈਦੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਦੋ ਕੈਦੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ਹੈ।ਕੈਦੀਆਂ ਵਿਚਾਲੇ ਲੜਾਈ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।