ਸੰਸਦ ਮੈਂਬਰ ਪਰਨੀਤ ਕੌਰ ਨੇ ਯੂਕਰੇਨ ਵਿੱਚ ਫਸੇ ਪਟਿਆਲਾ ਦੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਪਟਿਆਲਾ, 3 ਮਾਰਚ(ਵਿਸ਼ਵ ਵਾਰਤਾ)-ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਖਾਰਕੀਵ ਵਿੱਚ ਪੜ੍ਹ ਰਹੀਆਂ ਪਟਿਆਲਾ ਦੀਆਂ 2 ਲੜਕੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਜੋ ਇਸ ਸਮੇਂ ਯੂਕਰੇਨ ਵਿੱਚ ਫਸੀਆਂ ਹੋਈਆਂ ਹਨ। ਸੰਸਦ ਮੈਂਬਰ ਪਰਨੀਤ ਕੌਰ ਨੇ ਸਭ ਤੋਂ ਪਹਿਲਾਂ ਖਾਰਕਿਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਦੇ ਪਹਿਲੇ ਸਾਲ ਦੀ ਵਿਦਿਆਰਥਣ ਅਭਿਸ਼੍ਰੀ ਮਲਹੋਤਰਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਐਮਪੀ ਪਰਨੀਤ ਕੌਰ ਨੇ ਅਭਿਸ਼੍ਰੀ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਸ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਯੂਕਰੇਨ ਵਿੱਚ ਫਸੇ ਸਾਰੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਨੇ ਉਸ ਨਾਲ ਵਾਅਦਾ ਕੀਤਾ ਕਿ ਜਦੋਂ ਉਹ ਸੁਰੱਖਿਅਤ ਘਰ ਵਾਪਸ ਆ ਜਾਵੇਗੀ ਤਾਂ ਉਸ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਬਾਅਦ ਉਹਨਾਂ ਨੇ ਖਾਰਕਿਵ ਇੰਟਰਨੈਸ਼ਨਲ ਯੂਨੀਵਰਸਿਟੀ ਦੀ ਚੌਥੇ ਸਾਲ ਦੀ ਵਿਦਿਆਰਥਣ ਹਰਸ਼ਿਤਾ ਸ਼ਰਮਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਸਰਕਾਰ ਸਾਡੇ ਵਿਦਿਆਰਥੀਆਂ ਦੀ ਸੁਰੱਖਿਅਤ ਅਤੇ ਜਲਦੀ ਵਾਪਸੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।