ਫਾਜਿਲਕਾ 1 ਮਈ 2024( ਵਿਸ਼ਵ ਵਾਰਤਾ )-ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਸ਼ਨਕਾਰੀਆਂ ਨੂੰ ਚੜ੍ਹਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਦੀ ਸੁਰੱਖਿਆ ਲਈ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋਂ ਕਰਕੇ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ/ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਈ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ.ਪੀ.ਓਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ। ਇਕ ਹੋਰ ਹੁਕਮ ਦੇ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ-ਰਾਸਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ-ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ ਤੇ ਪਾਬੰਦੀ ਲਗਾਈ ਗਈ ਹੈ।