ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਦਾ ਦੇਹਾਂਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 19 ਅਕਤੂਬਰ(ਵਿਸ਼ਵ ਵਾਰਤਾ) ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ (45) ਦੀ ਅੱਜ ਸ਼ਨੀਵਾਰ ਸਵੇਰੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਹ ਲੰਬੇ ਸਮੇਂ ਤੋਂ ਲਿਵਰ ਦੀ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ ਦਾ ਇਲਾਜ ਦਿੱਲੀ ਦੇ ਮੇਦਾਂਤਾ ਹਸਪਤਾਲ ‘ਚ ਚੱਲ ਰਿਹਾ ਸੀ, ਜਿੱਥੇ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਹਰਪ੍ਰੀਤ ਸਿੰਘ ਦੀ ਮੌਤ ਮਗਰੋਂ ਜਿੱਥੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਉੱਥੇ ਹੀ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ ਸਮਰਥਕਾਂ ਵਿਚ ਵੀ ਮਾਤਮ ਪਸਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਦੀ ਮ੍ਰਿਤਕ ਦੇਹ ਅੱਜ ਲੁਧਿਆਣਾ ਦੇ ਬਰੇਵਾਲ ਰੋਡ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਲਿਆਂਦੀ ਜਾਵੇਗੀ। ਭਲਕੇ ਉਨ੍ਹਾਂ ਦਾ ਸਸਕਾਰ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਪ੍ਰੀਤ ਸਿੰਘ ਸ਼ਿਵਾਲਿਕ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ‘ਤੇ ਲਿਖਿਆ ਗਿਆ,”ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ MLA ਸ.ਦਰਸ਼ਨ ਸਿੰਘ ਸ਼ਿਵਾਲਿਕ ਦੇ ਨੌਜਵਾਨ ਸਪੁੱਤਰ ਸ. ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਬੇਵਖਤੇ ਅਕਾਲ ਚਲਾਣਾ ਕਰਨ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।”