ਅਕਾਲੀ ਦਲ ਬਾਦਲ ਤੇ ਭਾਜਪਾ ਦੇ ਸਰਗਰਮ ਆਗੂ ਸ਼ੋਮਣੀ ਅਕਾਲੀ ਦਲ (ਸੰਯੁਕਤ) `ਚ ਸ਼ਾਮਿਲ

ਚੰਡੀਗੜ੍ਹ, 7 ਜੁਲਾਈ 2021: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਸ ਸਮੇਂ ਹੋਰ ਵੀ ਬਲ ਮਿਲਿਆ ਜਦੋਂ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਪ੍ਰਚਾਰ ਸਕੱਤਰ, ਮੀਤ ਪ੍ਰਧਾਨ ਅਤੇ ਭਾਜਪਾ ਦੇ ਬਲਾਕ ਪ੍ਰਧਾਨ ਸ: ਰਣਜੀਤ ਸਿੰਘ ਬਿੱਟੂ ਅਤੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਇੰਪਲਾਇਜ਼ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ: ਬਾਬੂ ਸਿੰਘ ਰੋਮਾਣਾ ਆਪਣੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਇਸਤਰੀ ਵਿੰਗ ਦੇ ਸਰਪ੍ਰਸਤ ਬੀਬੀ ਪਰਮਜੀਤ ਕੌਰ ਗੁਲਸ਼ਨ, ਉਪ ਪ੍ਰਧਾਨ ਸ: ਭੋਲਾ ਸਿੰਘ ਗਿੱਲਪੱਤੀ, ਜਿ਼ਲ੍ਹਾ ਪ੍ਰਧਾਨ ਸ: ਸਰਬਜੀਤ ਸਿੰਘ ਡੂਮਵਾਲੀ ਦੀ ਪ੍ਰੇਰਣਾ ਸਦਕਾ ਪਾਰਟੀ ਦੀਆਂ ਲੋਕ- ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਪਾਰਟੀ ਦੇ ਦਫ਼ਤਰ ਵਿਖੇ ਉਪਰੋਕਤ ਆਗੂਆਂ ਨੂੰ ਸ਼ਾਮਿਲ ਕਰਨ ਉਪਰੰਤ ਸ: ਢੀਂਡਸਾ ਨੇ ਕਿਹਾ ਕਿ ਪਾਰਟੀ ਦੀ ਕਾਰਜਸ਼ੈਲੀ, ਵਿਚਾਰਧਾਰਾ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਇਹ ਇੱਕ ਸ਼ੁਭ ਸੰਕੇਤ ਹੈ। ਸ:ਢੀਂਡਸਾ ਨੇ ਪੰਜਾਬ ਦੀ ਖੁਸ਼ਹਾਲੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੁੜ ਕੇ ਪੰਜਾਬ ਦੇ ਵਿਕਾਸ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ, ਸ: ਢੀਂਡਸਾ ਦੇ ਸਿਆਸੀ ਸਲਾਹਕਾਰ ਸ: ਦਵਿੰਦਰ ਸਿੰਘ ਸੋਢੀ ਅਤੇ ਜਥੇਦਾਰ ਮੱਖਣ ਸਿੰਘ ਵੀ ਮੌਜੂਦ ਸਨ।






















