ਅਜਨਾਲਾ ਘਟਨਾ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਕੀਤੀ ਪ੍ਰੈਸ ਕਾਨਫਰੰਸ
ਵੀਡੀਓ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ਨੇ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ : ਡੀਜੀਪੀ ਪੰਜਾਬ
ਚੰਡੀਗੜ੍ਹ, 24 ਫਰਵਰੀ(ਵਿਸ਼ਵ ਵਾਰਤਾ)- ਬੀਤੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ।ਡੀਜੀਪੀ ਨੇ ਕਿਹਾ ਕਿ ਇਸ ਸਬੰਧੀ ਜ਼ਖਮੀਆਂ ਦੇ ਬਿਆਨਾਂ ਅਤੇ ਘਟਨਾ ਦੀਆਂ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਧਰਨਾ ਲਗਾਉਣ ਦਾ ਹਰ ਇਕ ਵਿਅਕਤੀ ਦਾ ਸੰਵਿਧਾਨਿਕ ਹੱਕ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਇਕ ਸਾਂਤਮਈ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਸੀ ਅਤੇ ਪੁਲਿਸ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜਥੇਬੰਦੀ ਨੂੰ ਜਿੱਥੇ ਰੋਕਿਆ ਜਾਵੇਗਾ ਉਥੇ ਰੁਕ ਜਾਣਗੇ। ਡੀਜੀਪੀ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕੀਤਾ ਗਿਆ, ਜਿਸ ਵਿੱਚ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਘਟਨਾ ਵਿੱਚ ਹਾਕੀ ਖਿਡਾਰੀ ਯੁਵਰਾਜ ਸਿੰਘ ਵੀ ਜ਼ਖਮੀ ਹੋ ਗਏ।
ਡੀਜੀਪੀ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਹਮਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਹਰ ਮਨੁੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦਾ ਹੈ। ਡੀਜੀਪੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਹਮਲਾ ਕਰਨਾ ਬੁਜ਼ਦਿਲ ਲੋਕਾਂ ਦਾ ਕੰਮ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਜ਼ਖਮੀ ਹੋਏ ਹਨ ,ਹੁਣ ਜ਼ਖ਼ਮੀਆਂ ਦੇ ਬਿਆਨਾਂ ਅਤੇ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।