– ਅਣ-ਅਧਿਕਾਰਿਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਨਵੀਂ ਨੀਤੀ ਨੂੰ ਅੰਤਿਮ ਰੂਪ ਦੇਣ ਲਈ ਮੰਤਰੀਆਂ ਤੇ ਵਿਧਾਇਕਾਂ ਤੋਂ ਮੰਗੇ ਲਿਖਤੀ ਸੁਝਾਅ
ਚੰਡੀਗੜ 21 ਜੂਨ (ਵਿਸ਼ਵ ਵਾਰਤਾ) : ਸੂਬੇ ਵਿੱਚ ਉਸਰੀਆਂ ਅਣ-ਅਧਿਕਾਰਿਤ ਤੇ ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਯਮਿਤ ਕਰ ਕੇ ਇਨਾਂ ਕਲੋਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਸੁੱਖ ਦਾ ਸਾਹ ਦੇਣ ਦੇ ਮੰਤਵ ਨਾਲ ਬਣਾਈ ਜਾ ਰਹੀ ਨਵੀਂ ਨੀਤੀ ਬਣਾਉਣ ਲਈ ਅੱਜ ਇਥੇ ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਹੋਈ ਇੱਕ ਅਹਿਮ ਮੀਟਿੰਗ ਵਿਚ ਮੰਤਰੀਆਂ ਤੇ ਵਿਧਾਇਕਾਂ ਨਾਲ ਅਣ-ਅਧਿਕਾਰਿਤ ਕਲੋਨੀਆਂ ਦੀ ਨਵੀਂ ਨੀਤੀ ਦੇ ਖਰੜੇ ‘ਤੇ ਚਰਚਾ ਕੀਤੀ ਗਈ।
ਸ੍ਰੀ ਤ੍ਰਿਪਤ ਬਾਜਵਾ ਨੇ ਸਮੂਹ ਮੈਂਬਰਾਂ ਨੂੰ ਅਣ-ਅਧਿਕਾਰਿਤ ਕਲੋਨੀਆਂ ਨਾਲ ਸਬੰਧਤ ਇਸ ਨਵੀਂ ਨੀਤੀ ਦੇ ਖਰੜੇ ਨੂੰ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਉਨਾਂ ਨੇ ਖੁਦ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਜਾਇਜ਼ ਤੇ ਨਾਜਾਇਜ਼ ਕਲੋਨੀਆਂ ਦੇ ਕਾਲੋਨਾਈਜ਼ਰਾਂ ਅਤੇ ਇਨਾਂ ਕਲੋਨੀਆਂ ਦੇ ਬਸ਼ਿੰਦਿਆਂ ਅਤੇ ਪਲਾਟ ਮਾਲਕਾਂ ਨਾਲ ਵੱਖਰੀਆਂ ਮੀਟਿੰਗਾਂ ਕੀਤੀਆਂ ਹਨ। ਸ. ਬਾਜਵਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਜਿਸ ਨਵੇਂ ਖਰੜੇ ਉੱਤੇ ਚਰਚਾ ਹੋਣੀ ਹੈ ਉਹ ਪਿਛਲੀਆਂ ਮੀਟਿੰਗਾਂ ਵਿੱਚ ਕਾਲੋਨਾਈਜ਼ਰਾਂ ਤੇ ਆਮ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਬਣਾਇਆ ਗਿਆ ਹੈ ਅਤੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਕਮੇਟੀ ਵੱਲੋਂ ਇਸ ਨੂੰ ਤਿਆਰ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਰਸਮੀ ਤੌਰ ‘ਤੇ ਕਲੋਨੀਆਂ ਨੂੰ ਨਿਯਮਿਤ ਕਰਨ ਵਾਲੀ ਇਸ ਨਵੀਂ ਨੀਤੀ ਦੇ ਡਰਾਫਟ ਸਬੰਧੀ ਚਾਨਣਾ ਪਾਇਆ। ਇਸ ਡਰਾਫਟ ਸਬੰਧੀ ਵਿਸਥਾਰਪੂਰਬਕ ਪੇਸ਼ਕਾਰੀ ਦਿੰਦਿਆਂ ਪਟਿਆਲਾ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਬੰਧਕ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਹ ਨਵਾਂ ਡਰਾਫਟ ਗੈਰ-ਕਾਨੂੰਨੀ ਕਲੋਨੀਆਂ ਵਿੱਚ ਰਹਿੰਦੇ ਲੋਕਾਂ, ਪਲਾਟ ਹੋਲਡਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਨਵੀਂ ਨੀਤੀ ਮਿਊਂਸੀਪਲ ਹੱਦਾਂ ਸਮੇਤ ਸਮੁੱਚੇ ਸੂਬੇ ਵਿੱਚ ਲਾਗੂ ਹੋਵੇਗੀ।
ਇਸ ਮੌਕੇ ਮੌਜੂਦ ਮੰਤਰੀਆਂ ਤੇ ਵਿਧਾਇਕਾਂ ਨੇ ਇਸ ਨਵੀਂ ਨੀਤੀ ਦੇ ਸਬੰਧ ਵਿਚ ਵੱਖ-ਵੱਖ ਨੁਕਤਿਆਂ ‘ਤੇ ਆਪਣੇ ਸੁਝਾਅ ਵੀ ਦਿੱਤੇ ਅਤੇ ਇਨਾਂ ਕਲੋਨੀਆਂ ਦੇ ਵਸਨੀਕਾਂ ਜਾਂ ਪਲਾਟ ਹੋਲਡਰਾਂ ਦੇ ਹਿੱਤਾਂ ਨੂੰ ਕਿਸੇ ਪੱਧਰ ‘ਤੇ ਵੀ ਅੱਖੋਂ ਪਰੋਖੇ ਨਾ ਕਰਨ ‘ਤੇ ਜ਼ੋਰ ਦਿੱਤਾ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਤਿਆਰ ਕੀਤੇ ਇਸ ਡਰਾਫਟ ਉੱਤੇ ਆਪਣੀ ਤਸੱਲੀ ਪ੍ਰਗਟ ਕੀਤੀ£
ਸ੍ਰੀ ਤ੍ਰਿਪਤ ਬਾਜਵਾ ਨੇ ਮੀਟਿੰਗ ਵਿੱਚ ਮੌਜੂਦ ਮੰਤਰੀਆਂ ਤੇ ਲੋਕਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਇਨਾਂ ਕਲੋਨੀਆਂ ਵਿੱਚ ਵਸਦੇ ਲੋਕਾਂ, ਪਲਾਟ ਹੋਲਡਰਾਂ, ਸਾਰੇ ਭਾਈਵਾਲਾਂ ਤੇ ਸਰਕਾਰ ਦੇ ਹਿੱਤਾਂ ਨੂੰ ਮੱਦੇਨਜ਼ਰ ਰੱਖ ਕੇ ਹੀ ਇਸ ਨਵੀਂ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਨਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਲਿਖਤੀ ਸੁਝਾਅ ਵੀ ਦੇਣ ਲਈ ਕਿਹਾ ਤਾਂ ਜੋ ਉਨਾਂ ਵਿੱਚੋਂ ਲਾਹੇਵੰਦ ਸੁਝਾਵਾਂ ਨੂੰ ਇਸ ਨਵੀਂ ਨੀਤੀ ਦੇ ਡਰਾਫਟ ਵਿੱਚ ਸ਼ਾਮਲ ਕੀਤਾ ਜਾ ਸਕੇ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਬਿਨਾਂ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਬਾਦਲ, ਪਸ਼ੂ ਪਾਲਣ ਮੰਤਰੀ ਸ੍ਰੀ ਬਲਬੀਰ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਮਾਲ ਮੰਤਰੀ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ ਐਮ.ਐਲ.ਏ, ਸ੍ਰੀ ਸੁਸ਼ੀਲ ਰਿੰਕੂ ਐਮ.ਐਲ.ਏ, ਸੰਜੀਵ ਤਲਵਾੜ ਐਮ.ਐਲ.ਏ, ਸ੍ਰੀਮਤੀ ਵਿੰਨੀ ਮਹਾਜਨ ਵਧੀਕ ਮੁੱਖ ਸਕੱਤਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸ੍ਰੀ ਰਵੀ ਭਗਤ ਮੁੱਖ ਪ੍ਰਬੰਧਕ, ਪੁੱਡਾ/ਗਮਾਡਾ, ਟੀ.ਪੀ.ਐਸ ਫੂਲਕਾ, ਡਾਇਰੈਕਟਰ ਟਾਊਨ ਅਤੇ ਕੰਟਰੀ ਪਲਾਨਿੰਗ, ਸ੍ਰੀ ਗੁਰਪ੍ਰੀਤ ਸਿੰਘ, ਮੁੱਖ ਟਾਉਨ ਪਲਾਨਰ, ਪੰਜਾਬ ਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਮੌਜੂਦ ਸਨ।