‘ਆਪ’ ਸਰਕਾਰ ਵਿਰੁੱਧ ਸ਼ਿਮਲਾ ’ਚ ਵੀ ਕੀਤਾ ਪ੍ਰਦਰਸ਼ਨ
ਚੰਡੀਗੜ੍ਹ, 30ਅਕਤੂਬਰ(ਵਿਸ਼ਵ ਵਾਰਤਾ)-ਪਿਛਲੇ ਲੰਮੇ ਸਮੇਂ ਤੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਸ਼ਿਮਲਾ ਵਿੱਚ ਪ੍ਰਦਰਸ਼ਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਜਿੱਥੇ ਆਮ ਆਦਮੀ ਪਾਰਟੀ ਚੋਣ ਲੜਦੀ ਹੋਈ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਦਾ ਦਾਅਵਾ ਕਰ ਰਹੀ ਹੈ। ਡੀਟੀਐਫ ਦੇ ਬੈਨਰ ਵਿੱਚ ਸ਼ਿਮਲਾ ਵਿੱਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਬੋਲਦਿਆਂ ਕਿਹਾ ਕਿ ਸਾਡੇ ਕਿਸੇ ਪਾਰਟੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ, ਪੰਜਾਬ ਨੇ ਕਾਂਗਰਸ, ਭਾਜਪਾ-ਅਕਾਲੀ ਸਰਕਾਰ ਸਮੇਂ ਵੀ ਦਰਦ ਹੰਢਾਇਆ ਹੈ, ਹੁਣ ‘ਆਪ’ ਸਰਕਾਰ ਸਮੇਂ ਵੀ ਹੰਢਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਸਿਰਫ ਇਹ ਸੀ ਜੋ ਆਮ ਆਦਮੀ ਪਾਰਟੀ ਸਰਕਾਰੀ ਪੈਸੇ ਉਤੇ ਇਹ ਝੂਠਾ ਪ੍ਰਚਾਰ ਕਰ ਰਹੀ ਹੈ ਉਸਦਾ ਪਰਦਾਫਾਸ ਕਰਨਾ ਸੀ। ਆਗੂਆਂ ਨੇ ਕਿਹਾ ਕਿ 6 ਨਵੰਬਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਧਾਨ ਸਭਾ ਹਲਕੇ ਆਨੰਦਪੁਰ ਸਾਹਿਬ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ 6 ਨਵੰਬਰ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਵਿੱਚ ਪਹੁੰਚਣ ਤਾਂ ਜੋ ਸਰਕਾਰ ਦੇ ਭਰਮ ਭੁਲੱਖੇ ਦੂਰ ਕੀਤੇ ਜਾਣ।