ਅਰਜਨਟੀਨਾ ਵਿੱਚ ਆਰਥਿਕ ਸੁਧਾਰ ਬਿੱਲ ਖ਼ਿਲਾਫ਼ ਸੜਕਾਂ ’ਤੇ ਉਤਰੇ ਲੋਕ
ਦਿੱਲੀ,13 ਜੂਨ (ਵਿਸ਼ਵ ਵਾਰਤਾ ): ਅਰਜਨਟੀਨਾ ‘ਚ ਰਾਸ਼ਟਰਪਤੀ ਜੇਵੀਅਰ ਮਿੱਲੀ ਦੇ ਆਰਥਿਕ ਸੁਧਾਰ ਬਿੱਲ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਬੁੱਧਵਾਰ ਨੂੰ ਸੈਨੇਟ ‘ਚ ਬਿੱਲ ਪੇਸ਼ ਕੀਤੇ ਜਾਣ ਤੋਂ ਬਾਅਦ ਰਾਜਧਾਨੀ ਬਿਊਨਸ ਆਇਰਸ ‘ਚ ਲੋਕ ਸੜਕਾਂ ‘ਤੇ ਉਤਰ ਆਏ। ਲੋਕਾਂ ਨੇ ਕਾਂਗਰਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਟਾਉਣ ਲਈ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਬੀਬੀਸੀ ਨਿਊਜ਼ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਪੈਟਰੋਲ ਬੰਬ ਸੁੱਟੇ ਅਤੇ ਪਥਰਾਅ ਵੀ ਕੀਤਾ। ਇਸ ਦੌਰਾਨ ਪੁਲਿਸ ਦੀ ਗੱਡੀ ਦੀ ਭੰਨਤੋੜ ਕੀਤੀ ਗਈ ਅਤੇ ਅੱਗ ਲਗਾ ਦਿੱਤੀ ਗਈ। ਪ੍ਰਦਰਸ਼ਨ ਦੌਰਾਨ ਲੋਕਾਂ ਨੇ ‘ਦੇਸ਼ ਵਿਕਾਊ ਨਹੀਂ ਹੈ’ ਦੇ ਨਾਅਰੇ ਵੀ ਲਾਏ। ਪ੍ਰਦਰਸ਼ਨਕਾਰੀਆਂ ਨੇ ਕੰਡਿਆਲੀ ਤਾਰ ਪਾਰ ਕਰਕੇ ਸੰਸਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਵੀ ਕੀਤੀ। ਉਨ੍ਹਾਂ ਸੁਰੱਖਿਆ ਅਧਿਕਾਰੀਆਂ ‘ਤੇ ਪੱਥਰ ਸੁੱਟੇ। ਇਸ ‘ਤੇ ਅਧਿਕਾਰੀਆਂ ਨੇ ਇਨ੍ਹਾਂ ਨੂੰ ਹਟਾਉਣ ਲਈ ਮਿਰਚ ਸਪਰੇਅ ਦੀ ਵਰਤੋਂ ਕੀਤੀ। ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਵੀ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਝੜਪ ਦੌਰਾਨ ਪੁਲਿਸ ਮੁਲਾਜ਼ਮਾਂ ਸਮੇਤ 20 ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਖਮੀ ਸੰਸਦ ਮੈਂਬਰਾਂ ਨੂੰ ਵੀ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।