ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ ਕੇਜਰੀਵਾਲ
ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)- ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਹਨ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ‘ਚ ਅੱਜ ਮੰਗਲਵਾਰ 30 ਅਪ੍ਰੈਲ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ 29 ਅਪ੍ਰੈਲ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਸੀ। ਕੇਜਰੀਵਾਲ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਏਐਸਜੀ ਐਸਵੀ ਰਾਜਮ ਨੇ ਦਲੀਲਾਂ ਪੇਸ਼ ਕੀਤੀਆਂ।
ਬੈਂਚ ਨੇ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਕਿਹਾ- ਦਰਅਸਲ ਤੁਸੀਂ ਗ੍ਰਿਫਤਾਰੀ ਅਤੇ ਰਿਮਾਂਡ ਦੇ ਖਿਲਾਫ ਹੋ। ਤੁਸੀਂ ਜ਼ਮਾਨਤ ਲਈ ਅਰਜ਼ੀ ਕਿਉਂ ਨਹੀਂ ਦਿੱਤੀ? ਇਸ ‘ਤੇ ਸਿੰਘਵੀ ਨੇ ਕਿਹਾ ਕਿ ਗ੍ਰਿਫਤਾਰੀ ਗੈਰ-ਕਾਨੂੰਨੀ ਹੈ। ਜ਼ਿਕਰਯੋਗ ਹੈ ਕਿ 9 ਅਪ੍ਰੈਲ ਨੂੰ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ। ਇਹ ਵੀ ਕਿਹਾ ਕਿ ਈਡੀ ਕੋਲ ਗ੍ਰਿਫਤਾਰੀ ਲਈ ਕਾਫੀ ਸਬੂਤ ਹਨ। ਇਸ ਤੋਂ ਬਾਅਦ 10 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। 15 ਅਪ੍ਰੈਲ ਨੂੰ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ 29 ਅਪ੍ਰੈਲ ਦੀ ਤਰੀਕ ਦਿੱਤੀ ਸੀ। ਕੱਲ੍ਹ ਸਿੰਘਵੀ ਨੇ ਇੱਕ ਘੰਟੇ ਤੱਕ ਬਹਿਸ ਪੇਸ਼ ਕੀਤੀ ਸੀ। ਜਿਸ ਤੋਂ ਬਾਅਦ ਅੱਜ ਫਿਰ ਤੋਂ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।