ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਦੌਰਾਨ ਜੇਲ ਬੰਦੀਆਂ ਸਬੰਧੀ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ
ਨਵਾਂਸ਼ਹਿਰ, 7 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਹੌਏ। ਇਸ ਦੌਰਾਨ ਜ਼ਿਲਾ ਤੇ ਸੈਸ਼ਨ ਜੱਜ ਵੱਲੋਂ ਜੇਲ ਵਿਚ ਬੰਦ ਬਿਮਾਰ ਕੈਦੀਆਂ ਅਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਉਨਾਂ ਕੋਵਿਡ-19 ਤੋਂ ਬਚਾਅ ਲਈ ਹਵਾਲਾਤੀਆਂ ਅਤੇ ਕੈਦੀਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਅਤੇ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਹੱਥ ਧੋਣ ਸਬੰਧੀ ਜਾਗਰੂਕ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ। ਇਸ ਦੌਰਾਨ ਉੱਚ ਤਾਕਤੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟੇ ਕੇਸਾਂ ਵਿਚ ਅੰਤਰਿਮ ਜ਼ਮਾਨਤ ਦੇਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।