ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੱਜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅੰਮ੍ਰਿਤਪਾਲ
ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਹਾਈਕੋਰਟ ਵਿੱਚ ਪੇਸ਼ ਕਰਨਗੇ ਰਿਪੋਰਟ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ‘ਵਾਰਿਸ ਪੰਜਾਬ ਦੇ’ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਅਤੇ ਕੇਂਦਰ ਸਰਕਾਰ ਸਮੇਤ ਸਾਰੀਆਂ ਧਿਰਾਂ ਆਪਣੀਆਂ ਰਿਪੋਰਟਾਂ ਪੇਸ਼ ਕਰਨਗੀਆਂ। ਅਦਾਲਤ ਨੇ ਉਹਨਾਂ ਨੂੰ ਪਿਛਲੀ ਸੁਣਵਾਈ ਦੌਰਾਨ ਨੋਟਿਸ ਜਾਰੀ ਕੀਤਾ ਸੀ।ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਐਨਐਸਏ ਉਸ ਸਮੇਂ ਲਗਾਇਆ ਗਿਆ ਜਦੋਂ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ। ਹਾਲਾਂਕਿ ਫੜੇ ਜਾਣ ਤੋਂ ਬਾਅਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਜਿਹੇ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਅਤੇ ਬਸੰਤ ਸਿੰਘ ਵੱਲੋਂ ਐਨਐਸਏ ਹਟਾਉਣ ਲਈ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਇਸ ਦੇ ਨਾਲ ਹੀ ਮੰਗ ਕਰ ਰਹੇ ਹਨ ਕਿ ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।