ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼
ਪਾਕਿਸਤਾਨ ਤੋਂ ਪਲਾਸਟਿਕ ਦੀ ਪਾਈਪ ਜ਼ਰੀਏ 40 ਕਿਲੋ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਵੱਡੀ ਮੱਛੀ ਨੂੰ ਕੀਤਾ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 13 ਸਤੰਬਰ(ਵਿਸ਼ਵ ਵਾਰਤਾ):ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਮੱਛੀ ਜਿਸਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਚਵਿੰਡਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ, ਨੂੰ ਹੈਰੋਇਨ ਦੀ 40 ਕਿਲੋ ਖੇਪ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਹੈਰੋਇਨ ਦੀ ਇਹ ਖੇਪ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਗਈ ਸੀ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਹੈਪੀ, ਜਿਸ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਪਿੰਡ ਛੇਹਰਟਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਕੋਲੋਂ 1 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਉਸ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 21 ਅਗਸਤ, 2021 ਨੂੰ ਅੰਮ੍ਰਿਤਸਰ ਦੀ ਪੰਜਗਰਾਈਆਂ ਬਾਰਡਰ ਆਊਟਪੋਸਟ (ਬੀਓਪੀ) ਦੇ ਖੇਤਰ ਵਿੱਚ 40.81 ਕਿਲੋ ਹੈਰੋਇਨ ਦੇ 39 ਪੈਕੇਟ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਸੀ।
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਹੁਣ ਤੱਕ ਕੀਤੀ ਗਈ ਜਾਂਚ, ਹੈਪੀ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਗੱਠਜੋੜ ਵੱਲ ਇਸ਼ਾਰਾ ਕਰਦੀ ਹੈ । ਉਨ੍ਹਾਂ ਕਿਹਾ, “ਪਾਕਿਸਤਾਨ ਆਧਾਰਤ ਤਸਕਰਾਂ ਅਤੇ ਮਲੇਸ਼ੀਆ ਤੋਂ ਕੰਮ ਕਰ ਰਹੇ ਤਸਕਰ ਜੱਗਾ ਨਾਲ ਹੈਪੀ ਦੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।”
ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਪੁਲਿਸ ਵੱਲੋਂ ਸੂਬੇ ਵਿੱਚ ਚੱਲ ਰਹੇ ਅੰਤਰਰਾਸ਼ਟਰੀ ਡਰੱਗ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।