ਅੰਮ੍ਰਿਤਸਰ : ਭਾਈ ਗਜਿੰਦਰ ਸਿੰਘ ਹਾਈਜੈਕਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਅੰਮ੍ਰਿਤਸਰ, 13ਜੁਲਾਈ (ਵਿਸ਼ਵ ਵਾਰਤਾ): ਭਾਈ ਗਜਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪਿਛਲੇ ਦਿਨੀ ਭਾਈ ਗਜਿੰਦਰ ਸਿੰਘ ਜੀ ਲਾਹੌਰ ਵਿਖੇ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੀ ਮੌਤ ਕਾਰਨ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਦੇ ਵਿੱਚ ਸੋਗ ਦੀ ਲਹਿਰ ਹੈ। ਸ੍ਰੀ ਅਕਾਲ ਤਖਤ ਸਾਹਿਬ ਤੇ ਪਾਏ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸਿੱਖ ਜਗਤ ਦੀਆਂ ਨਾਮਵਰ ਸ਼ਖਸ਼ੀਅਤਾਂ ਮੌਜੂਦ ਸਨ। ਦਲ ਖਾਲਸਾ ਦੇ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਮੇਤ ਸਿੱਖ ਜਗਤ ਦੀਆਂ ਕਈ ਵੱਡੀਆਂ ਸ਼ਖਸ਼ੀਅਤਾਂ ਹਾਜ਼ਰ ਰਹੀਆਂ। ਇਸ ਮੌਕੇ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਹਮੇਸ਼ਾ ਗਲਤ ਤਰੀਕੇ ਦੇ ਨਾਲ ਪੇਸ਼ ਕੀਤਾ ਜਾਂਦਾ ਹੈ। ਇਸ ਮੌਕੇ ਜਿੱਥੇ ਭਾਈ ਗਜਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਉੱਥੇ ਹੀ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮਸਲਿਆਂ ਬਾਬਤ ਵੀ ਵਿਚਾਰ ਚਰਚਾ ਕੀਤੀ ਗਈ। ਭਾਈ ਅੰਮ੍ਰਿਤਪਾਲ ਬਾਰੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਉਹਨਾਂ ਦੇ ਭਰਾ ਨੂੰ ਨਸ਼ੇ ਦੇ ਕੇਸ ਦੇ ਵਿੱਚ ਗਲਤ ਫਸਾਇਆ ਜਾ ਰਿਹਾ ਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਨਸ਼ਾ ਕਿੱਥੋਂ ਆਇਆ ਅਤੇ ਕਿਵੇਂ ਆਇਆ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤ ਪਾਲ ਨੇ ਨੌਜਵਾਨਾ ਨੂੰ ਉਤਸ਼ਾਹਿਤ ਕਰਕੇ ਸਿੱਖੀ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਹੈ ਅਤੇ ਸਰਕਾਰ ਵੱਲੋਂ ਬਦਲੇ ਵਿੱਚ ਉਹਨਾਂ ਨੂੰ ਇਹ ਇਨਾਮ ਦਿੱਤਾ ਗਿਆ ਹੈ ਕਿ, ਉਹਨਾਂ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਗਿਆ ਹੈ।