ਅੱਜ ਅਧਿਆਪਕ ਅਤੇ ਬੇਰੁਜ਼ਗਾਰ ਜੱਥੇਬੰਦੀਆਂ ਦੀਆਂ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਹੋਣ ਵਾਲੀਆਂ ਮੀਟਿੰਗਾਂ ਮੁਲਤਵੀ
ਪੜ੍ਹੋ, ਹੁਣ ਕਦੋਂ ਹੋਣਗੀਆਂ ਇਹ ਮੀਟਿੰਗਾਂ
ਚੰਡੀਗੜ੍ਹ, 9ਜੂਨ (ਵਿਸ਼ਵ ਵਾਰਤਾ)- ਸਿੱਖਿਆ ਮੰਤਰੀ ਮੀਤ ਹੇਅਰ ਅਤੇ ਸੂਬਾ ਸਰਕਾਰ ਖ਼ਿਲਾਫ਼ ਰੈਲੀਆਂ ਅਤੇ ਸੰਘਰਸ਼ ਕਰਕੇ ਵੱਖ ਵੱਖ ਜਥੇਬੰਦੀਆਂ ਜਿਨ੍ਹਾਂ ‘ਚ ਸਾਂਝੇ ਅਧਿਆਪਕ ਮੋਰਚਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ, ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਅਤੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਜੱਥੇਬੰਦੀਆਂ ਦੀਆਂ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਅੱਜ (9 ਜੂਨ) ਨੂੰ ਹੋਣ ਵਾਲੀਆਂ ਮੀਟਿੰਗਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਮੀਟਿੰਗਾਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਲੈ ਕੇ ਦਿੱਤੀਆਂ ਗਈਆਂ ਸਨ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਪੱਤਰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਹੁਣ ਇਹ ਮੀਟਿੰਗਾਂ 15 ਜੂਨ ਨੂੰ ਹੋਣਗੀਆਂ।
ਇਸ ਸੰਬੰਧੀ ਪ੍ਰਤੀਕਿਰਿਆ ਦਿੰਦੇ ਹੋਏ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮੀਟਿੰਗ ਮੁਲਤਵੀ ਕਰਨ ਦੀ ਥਾਂ ਮਸਲਿਆਂ ਦਾ ਠੋਸ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ 15 ਜੂਨ ਨੂੰ ਇਹ ਮੀਟਿੰਗਾਂ ਕਰਕੇ ਸਾਰੀਆਂ ਜਾਇਜ਼ ਮੰਗਾਂ ਦਾ ਠੋਸ ਹੱਲ ਕੱਢਿਆ ਜਾਵੇ, ਨਹੀਂ ਤਾਂ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਤਿੱਖਾ ਕੀਤਾ ਜਾਵੇਗਾ।























