ਅੱਜ ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ ਮੁੱਖ ਮੰਤਰੀ ਮਾਨ
ਪੜ੍ਹੋ, ਪੰਜਾਬ ਦੇ ਰਾਜਪਾਲ ਅਤੇ ਹੋਰ ਮੰਤਰੀ ਕਿਹੜੇ-ਕਿਹੜੇ ਸ਼ਹਿਰ ‘ਚ ਲਹਿਰਾਉਣਗੇ ਝੰਡਾ
ਚੰਡੀਗੜ੍ਹ, 26 ਜਨਵਰੀ (ਵਿਸ਼ਵ ਵਾਰਤਾ) : ਅੱਜ ਦੇਸ਼ ਭਰ ਵਿੱਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਵੀ ਗਣਤੰਤਰ ਦਿਵਸ ਮਨਾਉਣ ਲਈ ਵੱਖ-ਵੱਖ ਸਥਾਨਾਂ ਤੇ ਪ੍ਰੋਗਰਾਮ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਲੈ ਕੇ ਸੂਬੇ ਵਿੱਚ ਮੁਕੰਮਲ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਪੂਰੇ ਪੰਜਾਬ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਗਣਤੰਤਰ ਦਿਵਸ ‘ਤੇ ਪੰਜਾਬ ‘ਚ ਆਯੋਜਿਤ ਪ੍ਰੋਗਰਾਮ ਦੇ ਮੱਦੇਨਜ਼ਰ ਪੁਲਿਸ ਵਿਭਾਗ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ‘ਚ ਜੁਟਿਆ ਹੋਇਆ ਹੈ।
ਅੱਜ ਗਣਤੰਤਰ ਦਿਵਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ‘ਚ ਰਾਸ਼ਟਰੀ ਝੰਡਾ ਲਹਿਰਾਉਣਗੇ।
ਜਲੰਧਰ ‘ਚ ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ। ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੁਧਿਆਣਾ ਵਿਖੇ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਤਰਨਤਾਰਨ ਵਿਖੇ ਝੰਡਾ ਲਹਿਰਾਉਣਗੇ।
ਅੰਮ੍ਰਿਤਸਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਫਾਜ਼ਿਲਕਾ ਵਿੱਚ ਉਚੇਰੀ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਪਟਿਆਲਾ, ਊਰਜਾ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਗੁਰਦਾਸਪੁਰ, ਖੁਰਾਕ ਤੇ ਸਿਵਲ ਸਪਲਾਈ ਤੇ ਜੰਗਲਾਤ ਮੰਤਰੀ ਸ. ਲਾਲ ਚੰਦ ਕਟਾਰੂਚੱਕ ਹੁਸ਼ਿਆਰਪੁਰ ਵਿੱਚ ਝੰਡਾ ਲਹਿਰਾਉਣਗੇ।
ਇਸ ਦੇ ਨਾਲ ਹੀ ਪਠਾਨਕੋਟ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼ਹੀਦ ਭਗਤ ਸਿੰਘ ਨਗਰ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸੰਗਰੂਰ ਵਿੱਚ ਮਾਲ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਫਿਰੋਜ਼ਪੁਰ ਵਿੱਚ ਜੇਲ੍ਹ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਫਿਰੋਜ਼ਪੁਰ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਐਸ.ਏ.ਐਸ.ਨਗਰ ਵਿਖੇ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਮੋਗਾ ਵਿਖੇ, ਕਿਰਤ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਝੰਡਾ ਲਹਿਰਾਉਣਗੇ।























