ਅੱਜ ਚੰਡੀਗੜ੍ਹ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਨਗੇ ਭਗਵੰਤ ਮਾਨ
ਕੱਲ੍ਹ ਨੂੰ ਅੰਮ੍ਰਿਤਸਰ ਵਿੱਚ ਕਰਨਗੇ ਰੋਡ ਸ਼ੋਅ
ਚੰਡੀਗੜ੍ਹ, 12 ਮਾਰਚ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਅੱਜ ਪੰਜਾਬ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਦੇ ਲਈ ਉਹ ਸਵੇਰੇ 10:30 ਵਜੇ ਚੰਡੀਗੜ੍ਹ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਮੋਹਾਲੀ ‘ਚ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ। ਕੱਲ੍ਹ ਨੂੰ ਅੰਮ੍ਰਿਤਸਰ ਵਿੱਚ ਆਪ ਦਾ ਜੇਤੂ ਰੋਡ ਸ਼ੋਅ ਹੋਵੇਗਾ। ਜਿਸ ਵਿੱਚ ਪਾਰਟੀ ਕਨਵੀਨਰ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਵੀ ਸ਼ਿਰਕਤ ਕਰਨਗੇ।
ਜਾਣਕਾਰੀ ਅਨੁਸਾਰ ਭਗਵੰਤ ਮਾਨ ਰੋਡ ਸ਼ੋਅ ਤੋਂ ਪਹਿਲਾਂ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਉਹ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮਾਨ ਨੇ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਰਾਜ ਭਵਨ ਜਾਂ ਮਹਿਲ ਵਿੱਚ ਨਹੀਂ ਸਗੋਂ ਪਿੰਡ ਵਿੱਚ ਸਹੁੰ ਚੁੱਕਣਗੇ। ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ।























