ਅੱਜ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਮ ਆਦਮੀ ਪਾਰਟੀ
ਚੰਡੀਗੜ੍ਹ, 30ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਅੱਜ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲਾਖੋਰੀ ਵਾਲੀ ਹੈ। ਉਹ ਜਾਣਬੁੱਝ ਕੇ ਧੀਮੀ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਨਵਾਂ ਅਨਾਜ ਸਟੋਰ ਕਰਨ ਲਈ ਗੁਦਾਮਾਂ ਵਿੱਚ ਥਾਂ ਨਹੀਂ ਹੈ ਅਤੇ ਸ਼ੈਲਰ ਮਾਲਕਾਂ ਕੋਲ ਵੀ ਇੰਨੀ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ।
ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮੱਸਿਆ ਦੇ ਹੱਲ ਲਈ ਅਣਥੱਕ ਮਿਹਨਤ ਕੀਤੀ ਹੈ ਪਰ ਕੇਂਦਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ। ਉਹ ਜਾਣਬੁੱਝ ਕੇ ਦੇਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੂਰੇ ਪੰਜਾਬ ਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਇਸ ਦਾ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਇਸ ਲਈ ਇਸ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਤੱਕ ਆਪਣਾ ਸਖ਼ਤ ਸੁਨੇਹਾ ਪਹੁੰਚਾਓ।
ਅਰੋੜਾ ਨੇ ਦੱਸਿਆ ਕਿ ‘ਆਪ’ ਆਗੂ ਤੇ ਵਰਕਰ ਸਵੇਰੇ 11 ਵਜੇ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਇਕੱਠੇ ਹੋਣਗੇ, ਉਥੋਂ ਸਾਰੇ ਲੋਕ ਭਾਜਪਾ ਦਫ਼ਤਰ ਵੱਲ ਮਾਰਚ ਕਰਨਗੇ।