ਅੱਜ ਵੀ ਨਹੀਂ ਮਿਲੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਕੋਈ ਰਾਹਤ
ਪੜ੍ਹੋ ਹੁਣ ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਹਨਾਂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਅੱਜ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਸਰਕਾਰੀ ਵਕੀਲ ਨੇ ਕਿਹਾ ਕਿ ਜਲਦ ਹੀ ਸੀਨੀਅਰ ਵਕੀਲ ਇਸ ਮਾਮਲੇ ‘ਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਨੇ ਵੀ ਕੁਝ ਦਸਤਾਵੇਜ਼ ਪੂਰੇ ਕਰਨ ਦੀ ਗੱਲ ਕਹੀ। ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਹੁਣ ਤੱਕ ਹਾਈ ਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਹਨਾਂ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਮੁਕਰ ਚੁੱਕੇ ਹਨ। ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।