ਅੱਜ ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਦਿਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰਨਗੇ ਆਰਥਿਕ ਸਰਵੇਖਣ
ਚੰਡੀਗੜ੍ਹ, 31 ਜਨਵਰੀ (ਵਿਸ਼ਵ ਵਾਰਤਾ) ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ 31 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ ਦੇ ਸੈਂਟਰਲ ਹਾਲ ਵਿੱਚ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਲੋਕ ਸਭਾ ਵਿੱਚ ਵਿੱਤੀ ਸਾਲ 2022-23 ਲਈ ਆਰਥਿਕ ਸਰਵੇਖਣ ਪੇਸ਼ ਕਰੇਗੀ, ਜਿਸ ਨੂੰ ਰਾਜ ਸਭਾ ਵਿੱਚ ਵੀ ਪੇਸ਼ ਕੀਤਾ ਜਾਵੇਗਾ।
ਸੰਸਦ ਦਾ ਇਹ ਸੈਸ਼ਨ ਹੰਗਾਮੇਦਾਰ ਵੀ ਰਹਿ ਸਕਦਾ ਹੈ। ਸਰਕਾਰ ਦੀ ਪਹਿਲ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤਾ ਅਤੇ ਵਿੱਤ ਬਿੱਲ ਸਮੇਤ ਹੋਰ ਬਿੱਲਾਂ ਨੂੰ ਪਾਸ ਕਰਵਾਉਣਾ ਹੋਵੇਗਾ ਤਾਂ ਵਿਰੋਧੀ ਧਿਰ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰੇਗੀ। ਵਿੱਤ ਮੰਤਰੀ ਸੀਤਾਰਮਨ ਵੱਲੋਂ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕਰਨ ਤੋਂ ਬਾਅਦ ਮੁੱਖ ਆਰਥਿਕ ਸਲਾਹਕਾਰ (CEA) ਡਾ. ਵੀ. ਅਨੰਤ ਨਾਗੇਸਵਰਨ ਇੱਕ ਪ੍ਰੈਸ ਕਾਨਫਰੰਸ ਵਿੱਚ ਆਰਥਿਕ ਸਰਵੇਖਣ ਦੀਆਂ ਵਿਸ਼ੇਸ਼ਤਾਵਾਂ ਪੇਸ਼ ਕਰਨਗੇ। ਅਗਲੇ ਦਿਨ, 1 ਫਰਵਰੀ ਨੂੰ, ਵਿੱਤ ਮੰਤਰੀ ਸਵੇਰੇ 11 ਵਜੇ ਲੋਕ ਸਭਾ ਵਿੱਚ ਕੇਂਦਰੀ ਬਜਟ 2023-24 ਪੇਸ਼ ਕਰਨਗੇ। ਸੈਸ਼ਨ ਦੇ ਪਹਿਲੇ ਹਿੱਸੇ ‘ਚ 13 ਫਰਵਰੀ ਤੱਕ ਸੰਸਦ ਦੇ ਦੋਹਾਂ ਸਦਨਾਂ ‘ਚ ਰਾਸ਼ਟਰਪਤੀ ਦੇ ਭਾਸ਼ਣ ਅਤੇ ਆਮ ਬਜਟ ‘ਤੇ ਚਰਚਾ ਹੋਵੇਗੀ।