ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,8 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੇ ਸੰਬੰਧ ਵਿੱਚ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਗੇ। ਜਿਕਰਯੋਗ ਹੈ ਕਿ 2009 ਵਿੱਚ ਬਲਵੰਤ ਸਿੰਘ ਖੇੜਾ ਨਾਮ ਦੇ ਵਿਅਕਤੀ ਨੇ ਅਕਾਲੀ ਦਲ ਤੇ ਦੋਹਰਾ ਸੰਵਿਧਾਨ ਰੱਖਣ ਦੇ ਮਾਮਲੇ ਵਿੱਚ ਕੇਸ ਪਾਇਆ ਸੀ।ਸੁਖਬੀਰ ਬਾਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਜ਼ਮਾਨਤ ਮੰਗੀ ਸੀ, ਜਿਸ ਦੇ ਜਵਾਬ ਵਿੱਚ ਹਾਈਕੋਰਟ ਨੇ ਕਿਹਾ “ਬਿਨੈਕਾਰ ਨੂੰ 13 ਸਤੰਬਰ ਨੂੰ ਜਾਂ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਅਜਿਹਾ ਕਰਨ ਦੀ ਸੂਰਤ ਵਿੱਚ ਉਸਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਜਾਵੇਗਾ। ”
ਦੱਸ ਦਈਏ ਕਿ ਅਕਾਲੀ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ.ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਤੇ ਬਾਹਰ ਹਨ। ਕੋਰਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੇਸ਼ ਹੋਣ ਤੋਂ ਛੋਟ ਦਿੱਤੀ ਸੀ। ਜਿਕਰਯੋਗ ਹੈ ਕਿ ਦਲਜੀਤ ਸਿੰਘ ਚੀਮਾ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਵੀ ਉਕਤ ਸ਼ਿਕਾਇਤ ਵਿੱਚ ਸ਼ਾਮਿਲ ਹਨ।