ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਜਲਾਲਾਬਾਦ ਵਿਖੇ ਰੇਤ ਮਾਫ਼ੀਆ ਵੱਲੋਂ ਨਜਾਇਜ਼ ਤੌਰ ਉੱਤੇ ਕੀਤੀ ਜਾ ਰਹੀ ਮਾਈਨਿੰਗ ਦਾ ਪਰਦਾਫਾਸ਼ ਕਰਨ ਗਏ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰਾਂ ਉੱਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਾਰਟੀ ਹੈੱਡ-ਕੁਆਟਰ ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਧੋਆ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸੂਬੇ ਵਿਚ ਨਜਾਇਜ਼ ਮਾਈਨਿੰਗ ਬਿਨਾ ਕਿਸੇ ਰੋਕ-ਟੋਕ ਦੇ ਜਾਰੀ ਹੈ ਅਤੇ ਮੌਜੂਦਾ ਸਰਕਾਰ ਦੇ ਸਮੇਂ ਵਧੀ-ਫੁੱਲੀ ਹੈ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਮਾਫ਼ੀਆ ਉੱਤੇ ਕੋਈ ਕਾਰਵਾਈ ਨਾ ਕਰਨਾ ਇਹ ਸਿੱਧ ਕਰਦਾ ਹੈ ਕਿ ਸਰਕਾਰ ਦੇ ਨੁਮਾਇੰਦੇ ਮਾਈਨਿੰਗ ਮਾਫ਼ੀਆ ਦੇ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦਾ ਬਚਾਅ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੁੰਭਕਰਨੀ ਨੀਂਦ ਤੋਂ ਜਾਗੇ ਅਤੇ ਵੇਖੇ ਕੇ ਸੂਬੇ ਵਿਚ ਲੋਕਤੰਤਰ ਦਾ ਚੌਥਾ ਥੰਮ੍ਹ ਵੀ ਸੁਰੱਖਿਅਤ ਨਹੀਂ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਤ ਮਾਫ਼ੀਆ ਦੇ ਹੌਸਲੇ ਇੰਨੇ ਵੱਧ ਗਏ ਹਨ ਕਿ ਇਹ ਸਮਾਜ ਵਿਚ ਉਨ੍ਹਾਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਖ਼ਿਲਾਫ਼ ਗੁੰਡਾ ਗਰਦੀ ਤੋਂ ਬਾਜ਼ ਨਹੀਂ ਆਉਂਦੇ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਹੀ ਸ਼ਕਤੀਸ਼ਾਲੀ ਰਾਜਨੀਤਿਕ ਪਰਿਵਾਰਾਂ ਦੀ ਸ਼ਹਿ ਉੱਤੇ ਪਲ ਰਹੇ ਵੱਖ-ਵੱਖ ਮਾਫ਼ੀਏ ਦੇ ਖ਼ਿਲਾਫ਼ ਆਵਾਜ਼ ਚੁੱਕਦੀ ਰਹੀ ਹੈ। ਉਨ੍ਹਾਂ ਕਿਹਾ ਕਿ ਰੇਤ ਮਾਫ਼ੀਏ ਖ਼ਿਲਾਫ਼ ਆਵਾਜ਼ ਚੁੱਕਣ ਕਾਰਨ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਉੱਤੇ ਵੀ ਜਾਨਲੇਵਾ ਹਮਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਰੇਤ ਮਾਫ਼ੀਏ ਤੋਂ ਡਰਨ ਵਾਲੇ ਨਹੀਂ ਹਨ ਅਤੇ ਲੋਕਾਂ ਦੀ ਆਵਾਜ਼ ਚੁੱਕਦੇ ਰਹਿਣਗੇ।
ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ‘ਆਪ’ ਵਿਧਾਇਕਾਂ ਨੇ ਕਿਹਾ ਕਿ ਸਰਕਾਰ ਵੱਖ-ਵੱਖ ਮਾਫ਼ੀਆ ਦਾ ਪਰਦਾਫਾਸ਼ ਕਰਨ ਵਾਲੇ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਨ੍ਹਾਂ ਨੇ ਕਿਹਾ ਕਿ ਜਲਾਲਾਬਾਦ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣਾ ਚਾਹੀਦੀ ਹੈ।
ਮੌਸਮ ਵਿਭਾਗ ਵੱਲੋਂ ਸੂਬੇ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਸੂਬੇ 'ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਦਿੱਲੀ-ਰਾਜਸਥਾਨ 'ਚ ਤਾਪਮਾਨ 46 ਡਿਗਰੀ ਤੋਂ ਪਾਰ ਚੰਡੀਗੜ੍ਹ, 19...